ਨਵੀਂ ਦਿੱਲੀ, 20 ਸਤੰਬਰ – ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਸਰਕਾਰ ਨੂੰ ਅਪੀਲ ਕੀਤੀ ਕਿ ‘ਨਾਰੀ ਸ਼ਕਤੀ ਵੰਦਨ ਬਿੱਲ’ ਦੇ ਕਾਨੂੰਨ ਬਣਨ ਨਾਲ ਇਸ ਨੂੰ ਛੇਤੀ ਤੋਂ ਛੇਤੀ ਲਾਗੂ ਕੀਤਾ ਜਾਵੇ। ਸੋਨੀਆ ਗਾਂਧੀ ਅਨੁਸਾਰ ਇਸ ਬਿੱਲ ਨੂੰ ਲਾਗੂ ਕਰਨ ਵਿੱਚ ਦੇਰੀ ਭਾਰਤ ਦੀਆਂ ਔਰਤਾਂ ਨਾਲ ਘੋਰ ਨਾ-ਇਨਸਾਫੀ ਹੋਵੇਗੀ। ਉਨ੍ਹਾਂ ਨੇ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫ਼ੀਸਦੀ ਸੀਟਾਂ ਰਾਖਵੀਆਂ ਕਰਨ ਦੀ ਵਿਵਸਥਾ ਵਾਲੇ ਸੰਵਿਧਾਨ ਬਿੱਲ 2023 ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਜਾਤੀ ਜਨਗਣਨਾ ਕਰਵਾ ਕੇ ਇਸ ਵਿਚ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਤੇ ਹੋਰ ਪਿਛੜੇ ਵਰਗਾਂ ਦੀਆਂ ਔਰਤਾਂ ਲਈ ਰਾਖਵੇਂਕਰਨ ਦੀ ਵਿਵਸਥਾ ਕੀਤੀ ਜਾਵੇ। ਸੋਨੀਆ ਗਾਂਧੀ ਨੇ ਕਿਹਾ ਕਿ ਪਿਛਲੇ 13 ਸਾਲਾਂ ਤੋਂ ਔਰਤਾਂ ਆਪਣੀ ਸਿਆਸੀ ਭਾਗੀਦਾਰੀ ਦੀ ਉਡੀਕ ਕਰ ਰਹੀਆਂ ਹਨ, ਹੁਣ ਕੁਝ ਹੋਰ ਸਾਲ ਤੱਕ ਉਡੀਕ ਕਰਨ ਲਈ ਕਿਹਾ ਜਾ ਰਿਹਾ ਹੈ। ਇਸ ਬਿੱਲ ਨੂੰ ਤੁਰੰਤ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜਾਤੀ ਜਨਗਣਨਾ ਕਰਵਾ ਕੇ ਐਸ. ਸੀ., ਐਸ. ਟੀ. ਅਤੇ ਓ. ਬੀ. ਸੀ. ਔਰਤਾਂ ਲਈ ਰਾਖਵੇਂਕਰਨ ਦੀ ਵਿਵਸਥਾ ਕੀਤੀ ਜਾਵੇ। ਇਸ ਲਈ ਜੋ ਕਦਮ ਚੁੱਕਣੇ ਜ਼ਰੂਰੀ ਹਨ, ਉਸ ਨੂੰ ਚੁੱਕਣਾ ਚਾਹੀਦਾ ਹੈ। ਸੋਨੀਆ ਗਾਂਧੀ ਦਾ ਕਹਿਣਾ ਸੀ ਕਿ ਇਸ ਬਿੱਲ ਨੂੰ ਲਾਗੂ ਕਰਨ ਵਿਚ ਦੇਰੀ ਕਰਨਾ ਭਾਰਤ ਦੀਆਂ ਔਰਤਾਂ ਨਾਲ ਘੋਰ ਨਾ-ਇਨਸਾਫੀ ਹੈ। ਇਸ ਬਿੱਲ ਦੇ ਰਾਹ ਦੀਆਂ ਰੁਕਾਵਟਾਂ ਨੂੰ ਦੂਰ ਕਰਦੇ ਹੋਏ ਛੇਤੀ ਤੋਂ ਛੇਤੀ ਲਾਗੂ ਕੀਤਾ ਜਾਵੇ।