ਚੰਡੀਗੜ੍ਹ, 21 ਸਤੰਬਰ- ਜਾਗਰਣ ਪੱਤਰ ਪ੍ਰੇਰਕ: ਪੰਜਾਬ ਪੁਲੀਸ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਨੂੰ ਫੜਨ ਲਈ ਉਸ ਅਤੇ ਉਸਦੇ ਰਿਸ਼ਤੇਦਾਰਾਂ ਨਾਲ ਜੁੜੇ ਅਪਰਾਧੀਆਂ ਵਿਰੁੱਧ ਵਿਸ਼ੇਸ਼ ਸਰਚ ਅਭਿਆਨ ਚਲਾਇਆ ਹੈ। ਪੰਜਾਬ ਪੁਲੀਸ ਨੇ ਅੱਜ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਅਪਰਾਧੀਆਂ ਨੂੰ ਫੜਨ ਲਈ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਅਤੇ ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਸਰਚ ਆਪ੍ਰੇਸ਼ਨ ਸਵੇਰੇ ਕਰੀਬ ਸੱਤ ਵਜੇ ਸ਼ੁਰੂ ਹੋਇਆ। ਉਦੋਂ ਤੋਂ ਹੀ ਗੋਲਡੀ ਬਰਾੜ ਅਤੇ ਉਸ ਦੇ ਰਿਸ਼ਤੇਦਾਰਾਂ ਅਤੇ ਨਜ਼ਦੀਕੀਆਂ ਤੇ ਸਵੇਰ ਤੋਂ ਹੀ ਪੁਲੀਸ ਦੇ ਛਾਪੇਮਾਰੀ ਜਾਰੀ ਹੈ।
ਪੰਜਾਬ ਪੁਲੀਸ ਦੀ ਇਹ ਮੁਹਿੰਮ ਸ੍ਰੀ ਮੁਕਤਸਰ ਸਾਹਿਬ, ਮੋਗਾ, ਫ਼ਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਦਿਹਾਤੀ ਖੇਤਰਾਂ ਵਿੱਚ ਚਲਾਈ ਜਾ ਰਹੀ ਹੈ। ਸੀਨੀਅਰ ਅਧਿਕਾਰੀਆਂ ਮੁਤਾਬਕ ਪੁਲੀਸ ਦੀਆਂ ਕਈ ਟੀਮਾਂ ਇਸ ਆਪਰੇਸ਼ਨ ਦਾ ਹਿੱਸਾ ਹਨ।
ਫ਼ਿਰੋਜ਼ਪੁਰ ਪੁਲੀਸ ਗੈਂਗਸਟਰ ਗੋਲਡੀ ਬਰਾੜ ਦੇ ਸਰਗਣਿਆਂ ਦੇ 44 ਟਿਕਾਣਿਆਂ ਤੇ ਛਾਪੇਮਾਰੀ ਕਰ ਰਹੀ ਹੈ। ਇਸ ਆਪ੍ਰੇਸ਼ਨ ਵਿੱਚ ਐਸ ਪੀ ਡਿਟੈਕਟਿਵ ਸਮੇਤ 4 ਡੀ ਐਸ ਪੀ ਅਤੇ 100 ਪੁਲੀਸ ਮੁਲਾਜ਼ਮ ਤਲਾਸ਼ੀ ਮੁਹਿੰਮ ਚਲਾ ਰਹੇ ਹਨ।
ਐਸ ਐਸ ਪੀ ਦੀਪਕ ਹਿਲੋਰੀ ਨੇ ਦੱਸਿਆ ਕਿ ਹੁਣ ਤੱਕ 13 ਨੌਜਵਾਨਾਂ ਨੂੰ ਘੇਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਸਵੇਰੇ 7 ਵਜੇ ਤੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਕਾਰਵਾਈ ਗੁਪਤ ਤਰੀਕੇ ਨਾਲ ਚਲਾਈ ਜਾ ਰਹੀ ਹੈ।