ਗੁਰਦਾਸਪੁਰ, 25 ਸਤੰਬਰ 2023- ਪਿਛਲੇ ਮਹੀਨੇ ਜ਼ਿਲ੍ਹਾ ਗੁਰਦਾਸਪੁਰ ਦੇ ਕੁਝ ਖੇਤਰਾਂ ਵਿੱਚ ਬਰਸਾਤਾਂ ਅਤੇ ਹੜ੍ਹ ਆਉਣ ਕਾਰਨ ਫਸਲਾਂ, ਪਸ਼ੂਆਂ ਅਤੇ ਮਕਾਨਾਂ ਦਾ ਨੁਕਸਾਨ ਹੋਇਆ ਸੀ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਲ ਵਿਭਾਗ ਵੱਲੋਂ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਸਰਵੇ ਕਰਵਾਇਆ ਗਿਆ ਸੀ ਤਾਂ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਗਾਇਆ ਜਾ ਸਕੇ। ਸਰਵੇ ਰੀਪਰੋਟ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਤ ਵਿਅਕਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀ ਗਈ 4,42,64,328 ਰੁਪਏ ਦੀ ਮੁਆਵਜਾ ਰਾਸ਼ੀ ਵੰਡੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਹੜ੍ਹਾਂ ਕਾਰਨ ਪ੍ਰਭਾਵਤ ਹੋਏ ਘਰਾਂ ਦਾ ਸਰਵੇ ਕਰਨ ਤੋਂ ਬਾਅਦ ਇਹ ਸਾਹਮਣੇ ਆਇਆ ਸੀ ਕਿ 534 ਘਰ ਹੜ੍ਹ ਕਾਰਨ ਨੁਕਸਾਨੇ ਗਏ ਸਨ, ਜਿਨ੍ਹਾਂ ਦਾ ਪੰਜਾਬ ਸਰਕਾਰ ਵੱਲੋਂ 67,47,000 ਰੁਪਏ ਮੁਆਵਜਾ ਪ੍ਰਭਾਵਤ ਵਿਅਕਤੀਆਂ ਨੂੰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੜ੍ਹਾਂ ਵਿੱਚ ਮਾਰੇ ਗਏ ਪਸ਼ੂਆਂ ਦਾ 6,41,000 ਰੁਪਏ ਦਾ ਮੁਆਵਜਾ 15 ਪਸ਼ੂ ਪਾਲਕਾਂ ਨੂੰ ਵੰਡਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਉਹ ਪਸ਼ੂ ਸਨ ਜੋ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਸਨ। ਸ੍ਰੀ ਹਰਗੋਬਿੰਦਪੁਰ ਨੇੜਲੇ ਪਿੰਡ ਧੀਰੋਵਾਲ ਦੇ ਦੋ ਬੱਚੇ ਜੋ ਹੜ੍ਹ ਦੇ ਪਾਣੀ ਵਿੱਚ ਡੁੱਬ ਗਏ ਸਨ ਉਨ੍ਹਾਂ ਪੀੜ੍ਹਤ ਪਰਿਵਾਰਾਂ ਨੂੰ ਵੀ 8 ਲੱਖ ਰੁਪਏ ਦੀ ਮਾਲੀ ਸਹਾਇਤਾ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕੀਤੀ ਗਈ ਸੀ ਜਿਸ ਵਿੱਚ ਜ਼ਿਲ੍ਹੇ ਦੇ 3333 ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਣ ਦੀ ਪੁਸ਼ਟੀ ਹੋਈ ਸੀ ਅਤੇ ਇਨ੍ਹਾਂ ਕਿਸਾਨਾਂ ਲਈ 3,60,76,328 ਰੁਪਏ ਮੁਆਵਜਾ ਰਾਸ਼ੀ ਮਨਜ਼ੂਰ ਕਰਕੇ ਤਹਿਸੀਲ ਦਫ਼ਤਰਾਂ ਨੂੰ ਭੇਜੀ ਜਾ ਚੁੱਕੀ ਜੋ ਕਿ ਸਬੰਧਤ ਤਹਿਸੀਲ ਦਫ਼ਤਰਾਂ ਵੱਲੋਂ ਕਿਸਾਨਾਂ ਨੂੰ ਵੰਡੀ ਜਾ ਰਹੀ ਹੈ।