ਫਰੀਦਕੋਟ, 26 ਸਤੰਬਰ-ਸਥਾਨਕ ਕੋਟਕਪੂਰਾ ਰੋਡ ਤੇ ਸਥਿਤ ਬਾਬਾ ਫਰੀਦ ਲਾਅ ਕਾਲਜ ਦੇ ਹੋਸਟਲ ਵਿੱਚ ਬੀਤੀ ਰਾਤ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸਥਾਨਕ ਬਾਬਾ ਫ਼ਰੀਦ ਲਾਅ ਕਾਲਜ ਵਿੱਚ ਕਾਨੂੰਨ ਦੀ ਪੜ੍ਹਾਈ ਕਰ ਰਹੀ ਚੌਥੇ ਸਾਲ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਬੀਤੀ ਰਾਤ ਆਪਣੇ ਹੋਸਟਲ ਦੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਹੋਸਟਲ ਵਾਰਡਨ ਨੂੰ ਸਵੇਰੇ ਇਸ ਗੱਲ ਦਾ ਪਤਾ ਲੱਗਾ। ਜਿਸ ਤੋਂ ਬਾਅਦ ਉਸ ਨੇ ਕਾਲਜ ਪ੍ਰਬੰਧਕਾਂ ਨੂੰ ਸੂਚਿਤ ਕੀਤਾ ਅਤੇ ਫਿਰ ਪੁਲੀਸ ਨੂੰ ਸੂਚਿਤ ਕੀਤਾ ਗਿਆ। ਮੌਕੇ ਤੇ ਪੁੱਜੀ ਪੁਲੀਸ ਨੇ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪ੍ਰਿੰਸੀਪਲ ਪੰਕਜ ਕੁਮਾਰ ਨੇ ਦੱਸਿਆ ਕਿ ਵਾਰਡਨ ਨੇ ਉਨ੍ਹਾਂ ਨੂੰ ਸਵੇਰੇ ਇਸ ਘਟਨਾ ਦੀ ਸੂਚਨਾ ਦਿੱਤੀ । ਉਨ੍ਹਾਂ ਦੱਸਿਆ ਕਿ ਮ੍ਰਿਤਕ ਅਮਨਦੀਪ ਕੌਰ ਬੀਤੇ ਦਿਨ ਹੀ ਘਰੋਂ ਆਈ ਸੀ ਤੇ ਉਸ ਨੇ ਰਾਤ ਨੂੰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਉਨ੍ਹਾਂ ਵੱਲੋਂ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲੀਸ ਜਾਂਚ ਕਰ ਰਹੀ ਹੈ ਤਾਂ ਹੀ ਪਤਾ ਲੱਗ ਸਕੇਗਾ ਕਿ ਕਾਰਨ ਕੀ ਸੀ।
ਥਾਣਾ ਸਿਟੀ ਦੇ ਇੰਚਾਰਜ ਗੁਲਜਿੰਦਰਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਅੱਜ ਸਵੇਰੇ 9.30 ਵਜੇ ਸੂਚਨਾ ਮਿਲੀ ਸੀ ਕਿ ਇਕ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਉਨ੍ਹਾਂ ਇੱਥੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਲਾਸ਼ ਨੂੰ ਮੁਰਦਾਘਰ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।