ਰੂਪਨਗਰ, 29 ਸਤੰਬਰ 2023: “ਸਵੱਛਤਾ ਹੀ ਸੇਵਾ” ਮੁਹਿੰਮ ਸਾਡੇ ਵਾਤਾਵਰਨ ‘ਤੇ ਸਕਾਰਾਤਮਕ ਪ੍ਰਭਾਵ ਪਾਉਣ ਦਾ ਇੱਕ ਸ਼ਾਨਦਾਰ ਮੌਕਾ ਹੈ, ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਅਤੇ ਸਵੱਛਤਾ ਲੀਗ ਦੇ ਮਾਪਦੰਡਾਂ ਮੁਤਾਬਕ ਸਾਫ਼ ਸੁਥਰਾਂ ਬਣਾਉਣ ਲਈ ਹਰੇਕ ਨਾਗਰਿਕ ਦਾ ਯੋਗਦਾਨ ਬਹੁਤ ਜ਼ਰੂਰੀ ਹੈ, ਇਸ ਲਈ ਜ਼ਿਲ੍ਹੇ ਵਿੱਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਹਰੇਕ ਉਮਰ ਵਰਗ ਨੂੰ ਸ਼ਾਮਲ ਹੋ ਕੇ ਇਸ ਨੂੰ ਸਫ਼ਲ ਕਰਨਾ ਯਕੀਨੀ ਬਣਾਇਆ ਜਾਵੇ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 2 ਅਕਤੂਬਰ ਤੱਕ ਚੱਲਣ ਵਾਲੀ ਸਵੱਛਤਾ ਲੀਗ-2 ਦੇ ਸਨਮੁੱਖ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਕੂੜੇ ਦੇ ਸਹੀ ਪ੍ਰਬੰਧਨ ਲਈ “ਲਿਆਓ ਕੂੜਾ- ਕਚਰਾ, ਬਣਾਓ ਕੁੱਝ ਸੱਜਰਾ” ਅਭਿਆਨ ਤਹਿਤ ਅੱਜ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਇਸਨੂੰ ਸਾਫ਼ ਸੁਥਰਾ ਰੱਖਣ ਅਤੇ ਪਲਾਸਟਿਕ ਮੁਕਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਓ, ਅਸੀਂ ਰਲ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ ਸੁਥਰਾ ਅਤੇ ਹਰਿਆ ਭਰਿਆ ਪੰਜਾਬ ਸਿਰਜ ਸਕੀਏ।
ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਹੀ 01 ਅਕਤੂਬਰ ਨੂੰ “ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ” ਨਾਮ ਹੇਠ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਵੇਗੀ ਜਿਸ ਵਿੱਚ ਸਮੂਹ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਮੂਹ ਨਾਗਰਿਕਾਂ, ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਤੇ ਲੋਕਾਂ ਦੇ ਚੁਣੇ ਨੁਮਾਇੰਦਿਆਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 01 ਅਕਤੂਬਰ ਨੂੰ ਸਵੇਰੇ 10:00 ਵਜੇ ਤੋਂ 11:00 ਵਜੇ ਤੱਕ ਇੱਕ ਘੰਟਾ ਸਫਾਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤਾਂ ਜੋ ਨਾਗਰਿਕਾਂ ਨੂੰ ਸਾਫ ਸਫਾਈ ਲਈ ਜਾਗਰੂਕ ਕਰਕੇ ਕੂੜਾ ਰਹਿਤ ਸਾਫ ਸੁਥਰਾ ਵਾਤਾਵਰਣ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ ਮੁਹਿੰਮ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਆਲੇ ਦੁਆਲੇ ਦੀ ਸਾਫ ਸਫਾਈ ਦਾ ਕੰਮ ਕਰਕੇ ਰਾਸ਼ਟਰਪਿਤਾ ਨੂੰ ਸਵੱਛਾਂਜਲੀ ਨਾਲ ਸ਼ਰਧਾਂਜਲੀ ਦੇਣ।
ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਆਈਟੀਆਈ ਦੇ ਲਗਭਗ 268 ਵਿਦਿਆਰਥੀਆਂ ਨੇ ਭਾਗ ਲੈਂਦਿਆਂ ਵੇਸਟ ਮਟੀਰੀਅਲ ਤੋਂ ਸਮਾਨ ਬਣਾ ਕੇ ਪ੍ਰਦਰਸ਼ਨੀ ਲਗਾਈ ਗਈ ਜਿਸਦੀ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਜਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਨ੍ਹਾਂ ਪ੍ਰਦਰਸ਼ਨੀਆਂ ‘ਚੋ ਵਿਆਕਤੀਗਤ ਪ੍ਰਦਰਸ਼ਨੀ ਵਿੱਚੋਂ ਪਹਿਲਾਂ ਸਥਾਨ ਸਰਕਾਰੀ ਮਿਡਲ ਸਕੂਲ ਹੁਸੈਨਪੁਰ, ਦੂਜਾ ਸਥਾਨ ਸਰਕਾਰੀ ਸਮਾਰਟ ਸਕੂਲ ਵਜੀਦਪੁਰ ਅਤੇ ਤੀਜਾ ਸਥਾਨ ਪੀ.ਐਮ.ਕੇ.ਕੇ. ਸੈਂਟਰ ਰੂਪਨਗਰ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਗਰੁੱਪ ਪ੍ਰਦਰਸ਼ਨੀ ਵਿੱਚੋਂ ਪਹਿਲਾ ਸਥਾਨ ਸਰਕਾਰੀ ਮਿਡਲ ਸਕੂਲ ਸਦਾਬਰਤ, ਦੂਜਾ ਅਤੇ ਤੀਜਾ ਸਥਾਨ ਆਈਟੀਆਈ ਰੂਪਨਗਰ (ਲੜਕੇ) ਨੇ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਕੀਤੀ ਗਈ।
ਇਸ ਪ੍ਰੋਗਰਾਮ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਚੇਤਨਾ ਕਲਾ ਮੰਚ ਵੱਲੋਂ “ਜਾਗੋ” ਨੁੱਕੜ ਨਾਟਕ ਖੇਡਿਆ ਗਿਆ।
ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫਸਰ ਸ਼੍ਰੀਮਤੀ ਅਨਮਜੋਤ ਕੌਰ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ,ਨਾਇਬ ਤਹਿਸੀਲਦਾਰ ਸ. ਅਰਜਨ ਸਿੰਘ ਗਰੇਵਾਲ, ਡੀ.ਡੀ.ਐਫ. ਸ਼੍ਰੀ ਗਿਰਜਾ ਸ਼ੰਕਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ, ਸਕੱਤਰ ਰੈਡ ਕਰਾਸ ਸ. ਗੁਰਸੋਹਣ ਸਿੰਘ, ਪਲੇਸਮੈਂਟ ਅਫ਼ਸਰ ਸ਼੍ਰੀਮਤੀ ਮੀਨਾਕਸ਼ੀ ਬੇਦੀ, ਸਿੱਖਿਆ ਵਿਭਾਗ ਤੋਂ ਸ.ਹਰਪ੍ਰੀਤ ਸਿੰਘ, ਹੁਨਰ ਵਿਕਾਸ ਮਿਸ਼ਨ ਤੋਂ ਸ. ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।