ਐਸ.ਏ.ਐਸ.ਨਗਰ, 29 ਸਤੰਬਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਅਮਰੀਕ ਸਿੰਘ ਸ੍ਰੀ ਅੰਮ੍ਰਿਤਸਰ ਵਾਲਿਆਂ ਦੇ ਇਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਬ੍ਰਿਤਾਂਤ ਅਤੇ 1574 ਈ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੋਤੀ ਜੋਤ ਸਮਾਉਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਵਿੱਚ ਜਾਣੂੰ ਕਰਵਾਇਆ। ਭਾਈ ਧਰਮ ਸਿੰਘ ਪਟਿਆਲੇ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀ ਸ੍ਰੀ ਗੁਰੂ ਅਮਰਦਾਸ ਜੀ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਧੁਰ ਕੀ ਬਾਣੀ ਦੇ 17 ਰਾਗਾਂ ਵਿੱਚ 885 ਸ਼ਬਦਾਂ ਬਾਰੇ ਸੰਗਤਾਂ ਨੂੰ ਵਿਸਥਾਰ ਪੁਰਵਕ ਜਾਣੂ ਕਰਵਾਇਆ।
ਇਸ ਤੋਂ ਇਲਾਵਾ ਹਰਜਸ ਕੀਰਤਨੀ ਜੱਥਾ, ਭਾਈ ਹਰਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਵਿੰਦਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਰਵਿੰਦਰ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਪ੍ਰਿਤਪਾਲ ਸਿੰਘ, ਭਾਈ ਮਹਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ।
54ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਧਾਰਮਿਕ ਸਮਾਗਮ 1 ਅਕਤੂਬਰ ਨੂੰ
ਗੁਰੂਦੁਆਰਾ ਸਾਹਿਬ ਦੇ ਬੁਲਾਰੇ ਨੇ ਦੱਸਿਆ ਕਿ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸਦੀਵੀ ਲੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ 54ਵੀਂ ਲੜੀ ਦੇ 5454ਵੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਹੋਣ ਦੀ ਖੁਸ਼ੀ ਵਿੱਚ 1 ਅਕਤੂਬਰ ਨੂੰ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਕਥਾ, ਕੀਰਤਨ, ਕਵੀਸ਼ਰੀ, ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਲੱਡੂ ਜਲੇਬੀਆਂ ਅਤੇ ਕਈ ਤਰ੍ਹਾਂ ਦੇ ਮਿਸਟਾਨਾਂ ਦਾ ਮਹਾਨ ਜੱਗ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।