ਪਟਿਆਲਾ, 2 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਸ਼ਟਰ ਪਿਤਾ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਚਾਨਣ ਮੁਨਾਰੇ ਵਾਂਗ ਰੁਸ਼ਨਾਉਂਦੇ ਰਹਿਣਗੇ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਲੋਕਾਂ ਨੂੰ ਬਰਾਬਰੀ ਦੇ ਸਮਾਜ ਦੀ ਸਿਰਜਣਾ ਲਈ ਮਹਾਤਮਾ ਗਾਂਧੀ ਜੀ ਵੱਲੋਂ ਦਰਸਾਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫ਼ੇ ਤੇ ਚੱਲਣ ਦਾ ਸੱਦਾ ਦਿੱਤਾ।
ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਹਨਾਂ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਜੀ ਵੱਲੋਂ ਦਿੱਤਾ ਗਿਆ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਨ ਸਣੇ ਭਾਰਤ ਨੂੰ ਇੱਕ ਆਤਮ-ਨਿਰਭਰ ਅਤੇ ਸੁਰੱਖਿਅਤ ਰਾਸ਼ਟਰ ਵਜੋਂ ਅੱਗੇ ਵਧਾਉਣ ਵਿੱਚ ਮਦਦ ਕਰਦਾ ਰਹੇਗਾ।