ਪਟਿਆਲਾ, 2 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ। ਹਸਪਤਾਲ ਨੂੰ 13.80 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ ਅਤੇ ਆਈ ਸੀ ਯੂ, ਐਨ ਆਈ ਸੀ ਯੂ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਸਪਤਾਲ ਪਟਿਆਲਾ ਅਤੇ ਇਸ ਦੇ ਆਸ-ਪਾਸ ਦੀ ਲਗਪਗ 20 ਲੱਖ ਲੋਕਾਂ ਦੀ ਆਬਾਦੀ ਨੂੰ ਸਿਹਤ ਸਹੂਲਤਾਂ ਦੇਵੇਗਾ। ਇਸ ਹਸਪਤਾਲ ਵਿੱਚ 300 ਬੈਡ ਹਨ ਅਤੇ ਇਸ ਵਿੱਚ 66 ਬੈਡਾਂ ਦਾ ਵਾਧਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ 550 ਕਰੋੜ ਰੁਪਏ ਦਾ ਸਿਹਤਮੰਦ ਪੰਜਾਬ ਮਿਸ਼ਨ ਸ਼ੁਰੂ ਕੀਤਾ ਗਿਆ ਹੈ ਅਤੇ ਇਸਦੇ ਤਹਿਤ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਨਵਾਂ ਰੂਪ ਮਿਲੇਗਾ। ਉਹਨਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਇਆ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਇੱਕ ਸਾਲ ਦੇ ਅੰਦਰ ਰਾਜ ਭਰ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਚਾਲੂ ਕਰ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਸੂਬਾ ਸਰਕਾਰ ਦੂਰ-ਦੁਰਾਡੇ ਅਤੇ ਪੇਂਡੂ ਖੇਤਰਾਂ ਦੇ ਗੰਭੀਰ ਮਰੀਜ਼ਾਂ ਲਈ ਅਤਿ ਉਨਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਲੈਕਟ੍ਰਾਨਿਕ ਇੰਟੈਂਸਿਵ ਕੇਅਰ ਯੂਨਿਟ (ਈ ਆਈ ਸੀ ਯੂ) ਸਿਸਟਮ ਸ਼ੁਰੂ ਕਰਨ ਜਾ ਰਹੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਸਿਹਤਮੰਦ ਪੰਜਾਬ ਐਪ ਵੀ ਲਾਂਚ ਕੀਤੀ ਗਈ ਹੈ ਜਿਸ ਨਾਲ ਮੋਬਾਈਲ ਤੇ ਕਲਿੱਕ ਕਰਨ ਤੇ ਲੋਕ ਨੇੜਲੇ ਆਮ ਆਦਮੀ ਕਲੀਨਿਕਾਂ ਦਾ ਪਤਾ ਲਾ ਸਕਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਟੀਚਾ ਹੈ ਕਿ ਆਮ ਆਦਮੀ ਕਲੀਨਿਕਾਂ ਵਾਂਗ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਯੂਸ਼ ਫਾਰਮੇਸੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਸਰਕਾਰੀ ਹਸਪਤਾਲਾਂ ਵਿੱਚ ‘ਮਰੀਜ਼ ਸੁਵਿਧਾ ਕੇਂਦਰ’ ਸ਼ੁਰੂ ਕਰਨ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹਸਪਤਾਲ ਵਿੱਚ ਐਨ.ਆਈ.ਸੀ.ਯੂ ਵਾਰਡ ਨੂੰ ਅਪਗ੍ਰੇਡ ਕਰਕੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਵਰਗ ਦੀ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਸੀ ਪਰ ਹੁਣ ਆਮ ਆਦਮੀ ਨੂੰ ਉਹ ਸਾਰੀਆਂ ਸਹੂਲਤਾਂ ਇੱਥੇ ਸਰਕਾਰੀ ਸਿਹਤ ਸੰਸਥਾ ਵਿੱਚ ਮਿਲਣਗੀਆਂ।