ਐਸ ਏ ਐਸ ਨਗਰ, 2 ਅਕਤੂਬਰ – ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਤਿਹਾਸਕ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸਦੀਵੀ ਲੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ 54ਵੀਂ ਲੜੀ ਦੇ 5454ਵੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਭਾਈ ਕਮਲਜੀਤ ਸਿੰਘ ਸ੍ਰੀ ਚਮਕੌਰ ਸਾਹਿਬ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਸ਼੍ਰੋਮਣੀ ਪ੍ਰਰਾਚਕ ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਬੀਬੀ ਉੱਤਮਜੀਤ ਕੌਰ ਦੇ ਰਾਗੀ ਜੱਥ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਤੋਂ ਇਲਾਵਾ ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ, ਭਾਈ ਸ਼ਾਹਬਾਜ ਸਿੰਘ, ਭਾਈ ਜੋਗਿੰਦਰ ਸਿੰਘ, ਅਕਾਲ ਕਵੀਸ਼ਰੀ ਜੱਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੋਸਾਇਟੀ, ਭਾਈ ਨਿਰਮੈਲ ਸਿੰਘ ਦੇ ਜੱਥਿਆਂ ਤੋਂ ਇਲਾਵਾ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਦ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਕਿਆ। ਲੱਡੂ, ਜਲੇਬੀਆਂ, ਕਈ ਤਰਾਂ ਦੇ ਮਿਸ਼ਠਾਨਾ ਅਤੇ ਗੁਰੂ ਕਾ ਅਤੁੱਟ ਲੰਗਰ ਵਿੱਚ ਸੰਗਤਾਂ ਨੂੰ ਵਰਤਾਇਆ ਗਿਆ।