ਨਵੀਂ ਦਿੱਲੀ, 4 ਅਕਤੂਬਰ- ਸਤਲੁਜ-ਯਮੁਨਾ ਲਿੰਕ ਵਿਵਾਦ ਦਾ ਮੁੱਦਾ ਅਜੇ ਤੱਕ ਵੀ ਠੰਡੇ ਬਸਤੇ ਵਿਚ ਹੈ। ਪੰਜਾਬ ਅਤੇ ਹਰਿਆਣਾ ਵਿੱਚ ਪਾਣੀ ਦੀ ਵੰਡ ਨੂੰ ਲੈ ਕੇ ਖਿੱਚੋਤਾਣ ਚੱਲ ਰਹੀ ਹੈ। ਲਿਹਾਜ਼ਾ ਇਹ ਮੁੱਦਾ ਸੁਪਰੀਮ ਕੋਰਟ ਵਿੱਚ ਹੈ ਅੱਜ ਇਸ ਮੁੱਦੇ ਤੇ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ। ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਇਸ ਮੁੱਦੇ ਤੇ ਸਿਆਸਤ ਨਾ ਕੀਤੀ ਜਾਵੇ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਾਉਂਦਿਆਂ ਕਿਹਾ ਕਿ ਇਸ ਮੁੱਦੇ ਵਿੱਚ ਕੋਈ ਸਖ਼ਤ ਹੁਕਮ ਜਾਰੀ ਕਰਨ ਲਈ ਮਜਬੂਰ ਨਾ ਕੀਤਾ ਜਾਵੇ।
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਐਸ ਵਾਈ ਐਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ। ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਐਸ ਵਾਈ ਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਬਾਰੇ ਸਰਵੇ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਸਰਵੇ ਦੀ ਪ੍ਰਕਿਰਿਆ ਵਿੱਚ ਕੇਂਦਰ ਸਰਕਾਰ ਦੀ ਮਦਦ ਕਰੇ।
ਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਇਸ ਮੁੱਦੇ ਵਿੱਚ ਦੋਹਾਂ ਸੂਬਿਆਂ ਵਿਚਾਲੇ ਵਿਵਾਦ ਦਾ ਹੱਲ ਕੱਢਣ ਲਈ ਪਹਿਲ ਕਰਨੀ ਚਾਹੀਦੀ ਹੈ। ਹਰਿਆਣਾ ਵਿੱਚ ਐਸ ਵਾਈ ਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ। ਇਸ ਲਈ ਪੰਜਾਬ ਸਰਕਾਰ ਨੂੰ ਵੀ ਇਸ ਸਮੱਸਿਆ ਦਾ ਹੱਲ ਕੱਢਣ ਲਈ ਕੰਮ ਕਰਨਾ ਚਾਹੀਦਾ ਹੈ। ਕੋਰਟ ਜਨਵਰੀ 2024 ਦੇ ਦੂਜੇ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਕਰੇਗਾ।