ਪਾਨੀਪਤ, 9 ਅਕਤੂਬਰ – ਹਰਿਆਣਾ ਦੇ ਪਾਨੀਪਤ ਵਿੱਚ ਇਕ ਕਾਰਖਾਨੇ ਦੇ ਸੈਪਟਿਕ ਟੈਂਕ ਵਿੱਚ ਤਿੰਨ ਕਰਮਚਾਰੀਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਦੋਸ਼ ਲਗਾਇਆ ਕਿ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਉਮਰ 30 ਤੋਂ 40 ਸਾਲ ਦਰਮਿਆਨ ਹੈ ਅਤੇ ਉਹ ਬੀਤੇ ਦਿਨ ਜਲਾਲਪੁਰ ਵਿੱਚ ਸਥਿਤ ਫੈਕਟਰੀ ਵਿੱਚ ਮ੍ਰਿਤਕ ਪਾਏ ਗਏ।
ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਲਾਸ਼ਾਂ ਨੂੰ ਟੈਂਕ ਤੋਂ ਬਾਹਰ ਕੱਢਿਆ ਅਤੇ ਪੁਲੀਸ ਨੂੰ ਸੌਂਪ ਦਿੱਤਾ। ਤਿੰਨ ਵਿੱਚੋਂ 2 ਟਰੈਕਟਰ ਡਰਾਈਵਰ ਵਜੋਂ ਕੰਮ ਕਰਦੇ ਸਨ, ਜੋ ਟੈਂਕਾਂ ਤੋਂ ਰਸਾਇਣ ਯੁਕਤ ਪਾਣੀ ਕੱਢਦੇ ਸਨ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਫੈਕਟਰੀ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਦੋਸ਼ ਲਗਾਇਆ ਕਿ ਤਿੰਨਾਂ ਦਾ ਕਤਲ ਕੀਤਾ ਗਿਆ ਹੈ ਅਤੇ ਬਾਅਦ ਵਿੱਚ ਉਨ੍ਹਾਂ ਦੀਆਂ ਲਾਸ਼ਾਂ ਨੂੰ ਸੈਪਟਿਕ ਟੈਂਕ ਵਿੱਚ ਸੁੱਟ ਦਿੱਤਾ ਗਿਆ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਫੈਕਟਰੀ ਵਿੱਚ ਸੀ.ਸੀ.ਟੀ.ਵੀ. ਕੈਮਰੇ ਨੁਕਸਾਨੇ ਪਾਏ ਗਏ। ਇੱਥੇ ਸੋਨਾਲੀ ਥਾਣੇ ਦੇ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਵਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ਤੇ ਅਸੀਂ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।