ਮਾਲੇਰਕੋਟਲਾ , 11 ਅਕਤੂਬਰ 2023 :-ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਕਿਉਂਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਹਨ, ਇਸ ਦੇ ਬਾਵਜੂਦ ਵੀ ਜੇਕਰ ਕਿਸੇ ਕਿਸਾਨ ਨੇ ਖੇਤਾਂ ਵਿੱਚ ਅੱਗ ਲਗਾਈ ਤਾਂ ਉਸ ਵਿਰੁੱਧ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ । ਇਹ ਪ੍ਰਗਟਾਵਾ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਤੇ ਫ਼ਸਲਾਂ ਦੀ ਰਹਿੰਦ ਖੂਹੰਦ (ਝੋਨੇ ਦੀ ਨਾੜ/ਪਰਾਲੀ ) ਨੂੰ ਸਾੜਨ ਦੀ ਘਟਨਾਵਾਂ ਨੂੰ ਨਿਲ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੁਲਿਸ ਪ੍ਰਸਾਸ਼ਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸਹਿਕਾਰਤਾ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ।
ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਉੱਤੇ ਪਾਬੰਦੀ ਲਗਾਈ ਹੈ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨ ਬਿਨ ਯਕੀਨੀ ਬਣਾਉਣ ।ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ। ਜੀਰੋ ਸਹਿਣਸ਼ੀਲਤਾ ਦੀ ਨਿੱਤੀ ਅਪਨਾ ਕੇ ਜ਼ਿਲ੍ਹੇ ਵਿੱਚ ਅੱਗਾਂ ਲੱਗਣ ਦੀ ਘਟਨਾਵਾਂ ਨੂੰ ਜੀਰੋਂ ਕੀਤਾ ਜਾਵੇ । ਉਨ੍ਹਾਂ ਸਖਤ ਹਦਾਇਤਾ ਜਾਰੀ ਕਰਦਿਆ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਂਦਿਆਂ ਫ਼ਸਲਾਂ ਦੀ ਰਹਿੰਦ-ਖੂਹੰਦ ਅਤੇ ਝੋਨੇ ਦੀ ਨਾੜ/ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ , ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਵਿੱਚ ਜਲਦਬਾਜੀ ਨਾ ਕਰਨ ਸਗੋਂ ਝੋਨੇ ਦੀ ਪਰਾਲੀ ਦੀ ਆਧੁਨਿਕ ਮਸ਼ੀਨਰੀ ਨਾਲ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ ।
ਉਨ੍ਹਾਂ ਸਹਿਕਾਰਤਾ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਉਪਲਬੱਧ ਸੀ.ਆਰ.ਐਮ. ਮਸ਼ੀਨਰੀ ਦੀ ਪੂਰੀ ਸਮਰੱਥਾ ਮੁਤਾਬਕ ਵੱਧ ਤੋਂ ਵੱਧ ਵਰਤੋ ਨੂੰ ਯਕੀਨੀ ਬਣਾਉਣ ਲਈ ਹੇਠਲੇ ਪੱਧਰ ਤੱਕ ਇੱਕ ਵਿਸ਼ੇਸ ਰਣਨੀਤੀ ਤਹਿਤ ਕਿਸਾਨਾਂ ਨਾਲ ਰਾਫਤਾ ਕੀਤਾ ਜਾਵੇ ਤਾਂ ਜੋ ਮਸੀਨਰੀ ਦਾ ਵੱਧ ਵੱਧ ਉਪਯੌਗ ਸੰਭਵ ਹੋ ਸਕੇ ।
ਡਿਪਟੀ ਕਮਿਸ਼ਨਰ ਨੇ ਪੁਲਿਸ ਪ੍ਰਸਾਸਨ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਫਸਲਾਂ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਣ ਦੀ ਘਟਨਾ ਦਰਜ ਹੋਣ ਦੀ ਸੂਰਤ ਵਿੱਚ ਕਾਰਵਾਈ ਕਰਨ ਲਈ ਜ਼ਿਲ੍ਹੇ ਵਿੱਚ ਜੋ 25 ਕਲੱਸਰ ਹੈੱਡ ਤਾਇਨਾਤ ਕੀਤੇ ਗਏ ਹਨ, ਉਨ੍ਹਾਂ ਨਾਲ ਸਬੰਧਤ ਥਾਣਿਆਂ ਦੇ ਮੁੱਖੀਆਂ ਦੇ ਮੋਬਾਇਲ ਨੰਬਰ ਸਾਂਝੇ ਕੀਤੇ ਜਾਣ ਤਾਂ ਜੋ ਲੋੜ ਪੈਣ ਤੇ ਸਿੱਧਾ ਸੰਪਰਕ ਕੀਤਾ ਜਾ ਸਕੇ । ਉਨ੍ਹਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਖੇਤਰਾਂ ਵਿੱਚ ਪਿਛਲੇ ਸਾਲ ਅੱਗ ਲੱਗਣ ਦੀ ਘਟਨਾਵਾਂ ਜਿਆਦਾ ਦਰਜ ਹੋਈਆਂ ਸਨ ਉਨ੍ਹਾਂ ਪਿੰਡਾਂ ਵਿੱਚ ਮੁੜ ਤੋਂ ਕਿਸਾਨਾਂ ਦੇ ਖੇਤਾਂ ਤੱਕ ਪੁੱਜ ਕੇ ਬਿਨ੍ਹਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਆਧੁਨਿਕ ਮਸ਼ੀਨਰੀ ਨਾਲ ਕਰਨ ਸਬੰਧੀ ਜਾਗਰੂਕ ਕਰਨ ਲਈ ਕਿਹਾ । ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਅੱਗ ਲਗਾਉਣ ਦੀ ਘਟਨਾ ਦਰਜ ਹੁੰਦੀ ਹੈ ਤਾਂ ਉਸ ਕਿਸਾਨ ਦਾ ਤੁਰੰਤ ਚਲਾਨ ਕੱਟ ਕੇ ਪੁਲਿਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਮਾਲ ਰਿਕਾਰਡ ਵਿੱਚ ਐਟਰੀ ਕਰਨ ਨੂੰ ਯਕੀਨੀ ਬਣਾਇਆ ਜਾਵੇ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ,ਐਸ.ਡੀ.ਐਮ.ਮਾਲੇਰਕੋਟਲਾ/ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ,ਐਸ.ਡੀ.ਐਮ.ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ,ਡੀ.ਐਸ.ਪੀ ਸ੍ਰੀ ਰਣਜੀਤ ਸਿੰਘ,ਮੁਖੀ ਖੇਤੀਬਾੜੀ ਅਫਸ਼ਰ ਡਾ ਹਰਬੰਸ ਸਿੰਘ,ਡੀ.ਡੀ.ਪੀ.ਓ ਸ੍ਰੀ ਪਰਮਜੀਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘ,ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਜਸਵਿੰਦਰ ਕੌਰ,ਮੁਹੰਮਦ ਖ਼ਲੀਲ,ਜਰਨਲ ਮੈਨੇਜਰ ਜ਼ਿਲ੍ਹਾ ਉਦਯੋਗਿਕ ਕੇਂਦਰ ਮੁਹੰਮਦ ਸ਼ਾਹਿਦ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ ।