ਨਵੀਂ ਦਿੱਲੀ, 11 ਅਕਤੂਬਰ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਲਈ ਇਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪਾਰਟੀ ਨੇਤਾਵਾਂ ਖ਼ਿਲਾਫ਼ ਝੂਠੇ ਮਾਮਲੇ ਦਰਜ ਕਰਵਾਏ ਜਾ ਰਹੇ ਹਨ। ਕੇਜਰੀਵਾਲ ਨੇ ਆਪਣੇ ਘਰ ਆਪ ਵਿਧਾਇਕ ਅਮਾਨਤੁੱਲਾਹ ਖਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਹ ਦਾਅਵੇ ਕੀਤੇ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੀਤੇ ਦਿਨ ਖਾਨ ਦੇ ਕੰਪਲੈਕਸਾਂ ਤੇ ਛਾਪੇ ਮਾਰੇ ਸਨ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਈ.ਡੀ. ਨੇ ਖਾਨ ਅਤੇ ਕੁਝ ਹੋਰ ਲੋਕਾਂ ਖ਼ਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ਆਪ ਵਿਧਾਇਕ ਦੇ ਕੰਪਲੈਕਸਾਂ ਤੇ ਤਲਾਸ਼ੀ ਲਈ ਸੀ। ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਦੇ ਪ੍ਰਬੰਧਾਂ ਦੇ ਅਧੀਨ ਕੀਤੀ ਗਈ ਅੇਤ ਤਿੰਨ-ਚਾਰ ਕੰਪਲੈਕਸਾਂ ਵਿੱਚ ਤਲਾਸ਼ੀ ਲਈ ਗਈ।
ਖਾਨ ਨਾਲ ਮੁਲਾਕਾਤ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਕਿ ਸਾਡੇ ਨੇਤਾਵਾਂ ਖ਼ਿਲਾਫ਼ 170 ਮਾਮਲੇ ਦਰਜ ਕਰਵਾਏ ਗਏ ਪਰ ਉਨ੍ਹਾਂ ਵਿੱਚੋਂ 140 ਮਾਮਲਿਆਂ ਵਿੱਚ ਫ਼ੈਸਲਾ ਸਾਡੇ ਪੱਖ ਵਿੱਚ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਉਨ੍ਹਾਂ ਨੇ ਸਾਡੇ ਸੀਨੀਅਰ ਨੇਤਾਵਾਂ ਅਤੇ ਮੰਤਰੀਆਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਆਪ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਇਕ ਮੁਹਿੰਮ ਦੇ ਅਧੀਨ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਜਪਾ ਦਾ ਮਕਸਦ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਨਹੀਂ ਸਗੋਂ ਵਿਰੋਧੀ ਨੇਤਾਵਾਂ ਨੂੰ ਪਰੇਸ਼ਾਨ ਕਰਨਾ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਦੇਖਿਆ ਹੈ ਕਿ ਮੋਦੀ ਜੀ ਜਿਨ੍ਹਾਂ ਲੋਕਾਂ ਨੂੰ ਭ੍ਰਿਸ਼ਟ ਬੁਲਾਉਂਦੇ ਸਨ, ਉਹ ਲੋਕ ਹੁਣ ਭਾਜਪਾ ਦਾ ਹਿੱਸਾ ਹਨ। ਉਨ੍ਹਾਂ ਨੇ ਵਿਰੋਧੀ ਦਲਾਂ ਦੇ ਭ੍ਰਿਸ਼ਟ ਲੋਕਾਂ ਨੂੰ ਆਪਣੇ ਪਾਲੇ ਵਿੱਚ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਆਪ ਦੇਸ਼ਭਗਤਾਂ ਦੀ ਪਾਰਟੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਡਰ ਦਾ ਮਾਹੌਲ ਹੈ। ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਲੋਕ ਭਾਰਤ ਛੱਡ ਰਹੇ ਹਨ ਅਤੇ ਦੂਜੇ ਦੇਸ਼ਾਂ ਵਿੱਚ ਜਾ ਰਹੇ ਹਨ।