ਚੰਡੀਗੜ੍ਹ/ਫਿਰੋਜ਼ਪੁਰ, 12 ਅਕਤੂਬਰ 2023 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਦੋ ਭਾਰਤੀ ਨਸ਼ਾ ਤਸਕਰਾਂ ਨੂੰ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਬਿੰਦਰ ਸਿੰਘ ਉਰਫ਼ ਬਿੰਦਰ ਅਤੇ ਕੁਲਵੰਤ ਸਿੰਘ ਉਰਫ਼ ਕਾਂਤਾ ਦੋਵੇਂ ਵਾਸੀ ਪਿੰਡ ਮੱਲਣ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਡਿਜ਼ਾਇਰ ਕਾਰ (ਪੀਬੀ-18-ਐਮ-8998) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਾਕਿ ਅਧਾਰਤ ਸਮੱਗਲਰਾਂ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਲਿਆਉਣ ਦੀ ਕੋਸ਼ਿਸ਼ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀਆਂ ਪੁਲੀਸ ਟੀਮਾਂ ਨੇ ਫਿਰੋਜ਼ਪੁਰ ਦੇ ਕਿਲ੍ਹਾ ਚੌਕ ਇਲਾਕੇ ਵਿੱਚ ਇੱਕ ਗੁਪਤ ਆਪ੍ਰੇਸ਼ਨ ਕੀਤਾ, ਜਿੱਥੇ ਸਰਹੱਦੀ ਖੇਤਰ ਤੋਂ ਹੈਰੋਇਨ ਦੀ ਖੇਪ ਬਰਾਮਦ ਕਰਕੇ ਇਨ੍ਹਾਂ ਮੁਲਜ਼ਮਾਂ ਦੇ ਆਉਣ ਦੀ ਸੰਭਾਵਨਾ ਸੀ।
ਉਨ੍ਹਾਂ ਦੱਸਿਆ ਕਿ ਜਦੋਂ ਦੋਵੇਂ ਮੁਲਜ਼ਮ ਆਪਣੀ ਸਵਿਫ਼ਟ ਡਿਜ਼ਾਇਰ ਕਾਰ ‘ਚ ਆ ਰਹੇ ਸਨ, ਤਾਂ ਪੁਲਿਸ ਟੀਮਾਂ ਨੇ ਉਹਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 16 ਪੈਕੇਟ ਹੈਰੋਇਨ, ਜਿਸ ਦਾ ਵਜ਼ਨ 12 ਕਿਲੋ ਹੈ, ਬਰਾਮਦ ਕੀਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਲਖਬੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਉਹਨਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਕਈ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਮੋਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ।