ਨਵੀਂ ਦਿੱਲੀ, 19 ਅਕਤੂਬਰ – ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਕੇਸ ਦੀ ਸੁਣਵਾਈ 22 ਨਵੰਬਰ ਤੱਕ ਮੁਲਤਵੀ ਕਰਦਿਆਂ ਆਮ ਆਦਮੀ ਪਾਰਟੀ ਨੇਤਾ ਮਨੀਸ਼ ਸਿਸੋਦੀਆ ਦਾ ਜੁਡੀਸ਼ਲ ਰਿਮਾਂਡ ਅਗਲੀ ਸੁਣਵਾਈ ਤੱਕ ਵਧਾ ਦਿੱਤਾ ਹੈ। ਇਸ ਦੌਰਾਨ ਮਨੀਸ਼ ਸਿਸੋਦੀਆ ਤੇ ਹੋਰਾਂ ਦੇ ਵਕੀਲਾਂ ਨੇ ਕਿਹਾ ਕਿ ਜਿਹੜੇ ਦਸਤਾਵੇਜ਼ ਉਨ੍ਹਾਂ ਨੂੰ ਦਿੱਤੇ ਗਏ ਹਨ, ਉਹ ਲੜੀਵਾਰ ਨਹੀਂ ਹਨ ਤੇ ਇਸ ਕਾਰਨ ਉਨ੍ਹਾਂ ਨੂੰ ਦੇਖਣ ਤੇ ਸਮਝਣ ਵਿੱਚ ਮੁਸ਼ਕਲ ਆ ਰਹੀ ਹੈ। ਅਦਾਲਤ ਨੇ ਕਿਹਾ ਕਿ ਇਹ ਗੱਲ ਉਨ੍ਹਾਂ ਨੂੰ ਪਹਿਲਾਂ ਦੱਸਣੀ ਚਾਹੀਦੀ ਸੀ ਕਿਉਂਕਿ ਇਸ ਨਾਲ ਮਾਮਲੇ ਦੀ ਸੁਣਵਾਈ ਤੇ ਅਸਰ ਪਵੇਗਾ।
ਅਦਾਲਤ ਨੇ ਮੁਲਜ਼ਮਾਂ ਨੂੰ ਸੀਬੀਆਈ ਹੈਡਕੁਆਰਟਰ ਦੇ ਮਾਲਖਾਨੇ ਵਿੱਚ ਰੱਖੇ ਦਸਤਾਵੇਜ਼ਾਂ ਦੀ ਜਾਂਚ ਲਈ ਜਾਂਚ ਅਧਿਕਾਰੀ ਨੂੰ ਅਰਜ਼ੀ ਦੇਣ ਲਈ ਕਿਹਾ ਹੈ ਅਤੇ ਨਾਲ ਹੀ ਸੀਬੀਆਈ ਨੂੰ ਮੁਲਜ਼ਮਾਂ ਦੇ ਵਕੀਲ ਨੂੰ ਹਰ ਰੋਜ਼ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਦਸਤਾਵੇਜ਼ਾਂ ਦੀ ਜਾਂਚ ਕਰਨ ਦੇਣ ਲਈ ਕਿਹਾ।