ਚੰਡੀਗੜ੍ਹ, 19 ਅਕਤੂਬਰ – ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ਨੇ ਕਿਹਾ ਹੈ ਕਿ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੰਵਿਧਾਨਕ ਨਿਯੁਕਤੀਆਂ ਅਤੇ ਰਾਖਵਾਂਕਰਨ ਨੀਤੀ ਪ੍ਰਤੀ ਉਦਾਸੀਨਤਾ ਦਿਖਾਈ ਜਾ ਰਹੀ ਹੈ। ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਭਾਰਤ ਦੇ ਸੰਵਿਧਾਨ ਵਿੱਚ ਪ੍ਰਾਪਤ ਅਨੁਸੂਚਿਤ ਜਾਤੀਆਂ ਦੇ ਸੰਵਿਧਾਨਕ ਅਧਿਕਾਰਾਂ ਅਤੇ ਰਾਖਵੇਂਕਰਨ ਨੂੰ ਖੋਰਾ ਲਾ ਰਹੀ ਹੈ।
ਸz. ਕੈਂਥ ਨੇ ਕਿਹਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ ਕਮਿਸ਼ਨ ਅਤੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਨਿਯੁਕਤੀਆਂ ਨੂੰ ਲਗਾਤਾਰ ਨਜ਼ਰਅੰਦਾਜ਼ ਅਤੇ ਅਣਗੌਲਿਆ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਸ਼ੇਸ਼ ਚਿੰਤਾ ਦਾ ਵਿਸ਼ਾ ਇਹ ਹੈ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਇਨ੍ਹਾਂ ਕਮਿਸ਼ਨਾਂ ਦੀ ਚੇਅਰਪਰਸਨ ਲਈ ਨਿਯੁਕਤੀਆਂ ਦੀ ਅਣਦੇਖੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਮੇਤ 29 ਵਿਧਾਇਕ ਹਨ, ਜਿਨ੍ਹਾਂ ਵਿੱਚੋਂ ਦੋ ਮੁਹਾਲੀ ਅਤੇ ਗੁਰੂਹਰਸਹਾਏ ਦੇ ਆਮ ਹਲਕਿਆਂ ਦੀ ਨੁਮਾਇੰਦਗੀ ਕਰਦੇ ਹਨ। ਇਸ ਤੋਂ ਇਲਾਵਾ, ਜਲੰਧਰ, ਅਨੁਸੂਚਿਤ ਜਾਤੀਆਂ ਲਈ ਰਾਖਵਾਂ ਲੋਕ ਸਭਾ ਹਲਕਾ, ਜਿੱਥੇ 40 ਪ੍ਰਤੀਸ਼ਤ ਤੋਂ ਵੱਧ ਆਬਾਦੀ ਦਲਿਤ ਹੈ, ਆਪਣੇ ਸੰਸਦ ਮੈਂਬਰ ਅਤੇ ਪੰਜਾਬ ਦੇ ਵਿਧਾਇਕਾਂ ਦੀ ਨਿਰਾਸ਼ਾਜਨਕ ਚੁੱਪ ਵੇਖਦੀ ਹੈ। ਇਹ ਖਾਮੋਸ਼ੀ ਐਸ ਸੀ ਭਾਈਚਾਰੇ ਦੇ ਅਧਿਕਾਰਾਂ ਦੀ ਪ੍ਰਤੀਨਿਧਤਾ ਅਤੇ ਵਕਾਲਤ ਬਾਰੇ ਚਿੰਤਾਵਾਂ ਪੈਦਾ ਕਰਦੀ ਹੈ ਅਤੇ ਉਹਨਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਦੀ ਵਚਨਬੱਧਤਾ ਬਾਰੇ ਸਵਾਲ ਉਠਾਉਂਦੀ ਹੈ।
ਕੈਂਥ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਸੰਵਿਧਾਨਕ ਅਧਿਕਾਰਾਂ ਦੀ ਵਰਤੋਂ ਨੂੰ ਦਬਾਉਣ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਉਹਨਾਂ ਮੰਗ ਕੀਤੀ ਕਿ ਖਾਲੀ ਅਸਾਮੀਆਂ ਤੇ ਤੁਰੰਤ ਨਿਯੁਕਤੀਆਂ ਕੀਤੀਆਂ ਜਾਣ ਅਤੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਨੀਤੀਆਂ ਦੀ ਵਿਆਪਕ ਸਮੀਖਿਆ ਕੀਤੀ ਜਾਵੇ।