ਅੰਮ੍ਰਿਤਸਰ, 25 ਅਕਤੂਬਰ 2023- ਡਿਬੜੂਗੜ੍ਹ ਜੇਲ੍ਹ ਵਿਚ ਬੰਦ ਵਾਰਸ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੱਜ ਅੰਮ੍ਰਿਤਸਰ ਏਅਰਪੋਰਟ ਤੇ ਰੋਕ ਲਿਆ ਗਿਆ। ਏਅਰਪੋਰਟ ਦੇ ਸੁਰੱਖਿਆ ਅਮਲੇ ਵਲੋਂ ਤਰਸੇਮ ਸਿੰਘ ਨੂੰ ਪੁੱਛਗਿੱਛ ਤੋਂ ਬਾਅਦ ਘਰ ਵਾਪਸ ਭੇਜ ਦਿੱਤਾ ਗਿਆ।
ਸੂਤਰਾਂ ਮੁਤਾਬਿਕ, ਤਰਸੇਮ ਸਿੰਘ ਨੇ ਦੋਹਾ ਕਤਰ ਜਾਣ ਲਈ ਅੰਮ੍ਰਿਤਸਰ ਤੋਂ ਫਲਾਈਟ ਫੜਨੀ ਸੀ ਅਤੇ ਜਿਵੇਂ ਹੀ ਉਹ ਸਵੇਰੇ ਅੰਮ੍ਰਿਤਸਰ ਦੇ ਏਅਰਪੋਰਟ ਤੇ ਪੁੱਜਿਆ ਤਾਂ, ਉਨ੍ਹਾਂ ਨੂੰ ਏਅਰਪੋਰਟ ਤੇ ਹੀ ਰੋਕ ਲਿਆ ਗਿਆ ਅਤੇ ਪੁੱਛਗਿੱਛ ਕਰਨ ਮਗਰੋਂ ਵਾਪਸ ਭੇਜ ਦਿੱਤਾ ਗਿਆ।
ਜਾਣਕਾਰੀ ਲਈ ਦੱਸ ਦਈਏ ਕਿ, ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੀ ਪਤਨੀ ਨੂੰ ਵੀ ਵਿਦੇਸ਼ ਜਾਣ ਤੋਂ ਰੋਕਿਆ ਗਿਆ ਸੀ। ਇਥੇ ਜਿਕਰ ਕਰਨਾ ਬਣਦਾ ਹੈ ਕਿ, ਅੰਮ੍ਰਿਤਪਾਲ ਸਿੰਘ ਐਨਐਸਏ ਤਹਿਤ ਅਸਾਮ ਦੀ ਡਿਬੜੂਗੜ੍ਹ ਜੇਲ੍ਹ ਵਿਚ ਪਿਛਲੇ ਕੁੱਝ ਮਹੀਨਿਆਂ ਤੋਂ ਬੰਦ ਹੈ।