ਖੰਨਾ, 28 ਜੂਨ, 2020 : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨੀ ਜਿਣਸਾਂ ਦੀ ਖਰੀਦੋ ਫਰੋਖਤ ਲਈ ਜਰੂਰੀ ਵਣਜ ਐਕਟ ਵਿਚ ਸੋਧ ਕਰਕੇ ਬਣਾਏ ਨਵੇਂ ‘ਕਿਸਾਨੀ ਫਸਲਾਂ ਦੀ ਉਪਜ ਅਤੇ ਵਣਜ ਆਰਡੀਨੈਂਸ 2020’ ਨੂੰ ਲਾਗੂ ਕੀਤੇ ਜਾਣ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜੱਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਉਕਤ ਐਕਟ ਨਾਲ ਕਿਸਾਨ ਜਿੱਥੇ ਕਰਜ਼ੇ ਦੀ ਮਾਰ ਹੇਠਾਂ ਹੋਰ ਦੱਬੇ ਜਾਣਗੇ, ਉਥੇ ਹੀ ਮੰਡੀਕਰਨ ਖਤਮ ਹੋ ਜਾਵੇਗਾ ਅਤੇ ਕਿਸਾਨਾਂ ਨੂੰ ਜਿਨਸਾਂ ਦਾ ਵਾਜਬ ਮੁੱਲ ਨਹੀਂ ਮਿਲੇਗਾ, ਜਿਸ ਕਾਰਨ ਕਿਸਾਨ ਹੋਰ ਆਰਥਿਕ ਮੰਦਹਾਲੀ ‘ਚ ਚਲੇ ਜਾਵੇਗਾ। ਉਨਾਂ ਕੇਂਦਰ ਸਰਕਾਰ ਵਿਰੁੱਧ ਭੜਾਸ ਕੱਢਦਿਆਂ ਕਿਹਾ ਕਿ ਕਿਸਾਨਾਂ ਵਿਰੋਧੀ ਆਰਡੀਨੈਸ ਨੂੰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਰਾਖੀ ਲਈ ਮੋਹਰੀ ਹੋ ਕੇ ਲੜਾਈ ਲੜੀ ਹੈ, ਪੰਜਾਬ ਦੀ ਕਿਰਸਾਨੀ ਦੇ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ ਨੇ ਹਰ ਮੋਰਚੇ ਵਿਚ ਅੱਗੇ ਹੋ ਕੇ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਕੀ ਕਿਸਾਨ ਵਿਰੋਧੀ ਉਕਤ ਆਰਡੀਨੈਸ ਦਾ ਵਿਰੋਧ ਕਰਦਾ ਹੈ ਅਤੇ ਕੇਂਦਰ ਸਰਕਾਰ ਇਸ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸੇ ਵੀ ਮੰਡੀ ਜਾਂ ਰਾਜ ਵਿਚ ਫ਼ਸਲ ਵੇਚਣ ਦਾ ਕਾਨੂੰਨ ਪਾਸ ਕਰਨ ਨਾਲ ਸੂਬੇ ਦੀ ਕਿਸਾਨੀ ਬਰਬਾਦ ਹੋ ਜਾਵੇਗੀ ਅਤੇ ਪੰਜਾਬ ਰਾਜ ਦਾ ਪੇਂਡੁ ਵਿਕਾਸ ਵੱਡੇ ਪੱਧਰ ‘ਤੇ ਰੁਕ ਜਾਵੇਗਾ। ਉਨ੍ਹਾਂ ਕਿਹਾ ਉਕਤ ਸੋਧ ਨਾਲ ਖੁਦਕੁਸ਼ੀਆਂ ਦੇ ਰਾਹ ਪਏ ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਫਸਲ ਨੂੰ ਵੇਚਣ ਲਈ ਥਾਂ-ਥਾਂ ‘ਤੇ ਰੁਲ ਜਾਣਗੇ ਅਤੇ ਉਨ੍ਹਾਂ ਨੂੰ ਆਪਣੀਆਂ ਜਿਣਸਾਂ ਦਾ ਵਾਜ਼ਬ ਮੁੱਲ ਵੀ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਉਕਤ ਆਰਡੀਨੈਸ ਦਾ ਵਿਰੋਧ ਕਰਦਾ ਹੋਇਆ ਕਿਸਾਨਾਂ ਦੇ ਹਿੱਤਾਂ ਲਈ ਕਿਸੇ ਵੀ ਤਰਾਂ ਦੇ ਸੰਘਰਸ਼ ਲਈ ਤਿਆਰ ਹੈ ਅਤੇ ਕਿਸਾਨਾਂ ਨਾਲ ਕਿਸੇ ਤਰਾਂ ਦੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ‘ਚ ਦਖਲਅੰਦਾਜ਼ੀ ਕਰਕੇ ਸੂਬਿਆਂ ਦੇ ਅਧਿਕਾਰਾਂ ਨੂੰ ਖੋਹ ਰਹੀ ਹੈ, ਜੋ ਕਿ ਬਰਦਾਸ਼ਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜਦੋਂ ਕੇਂਦਰ ਸਰਕਾਰ ਵੱਲੋਂ ਪੰਜਾਬ ਸੂਬੇ ਦੇ ਅਧਿਕਾਰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਲੋਹ ਪੁਰਸ਼ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ 19 ਮਹੀਨੇ ਜੇਲ ਕੱਟੀ ਸੀ, ਉਨ੍ਹਾਂ ਕਿਹਾ ਕਿ ਹੁਣ ਵੀ ਜੇਕਰ ਲੋੜ ਪਈ ਤਾਂ ਪੰਜਾਬ ਦੇ ਹਿੱਤਾਂ ਦੀ ਖਾਤਰ ਤਲਵੰਡੀ ਪਰਿਵਾਰ ਜੇਲ ਜਾਣ ਤੋਂ ਗੁਰੇਜ਼ ਨਹੀਂ ਕਰੇਗਾ।