ਸ੍ਰੀ ਅਨੰਦਪੁਰ ਸਾਹਿਬ , 31 ਅਕਤੂਬਰ 2023 :-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਖੇਤੀਬਾੜੀ ਲਈ ਵਰਤੀ ਜਾਣ ਵਾਲੀ ਆਧੁਨਿਕ ਮਸ਼ੀਨਰੀ ਅਤੇ ਇਸ ਦੇ ਕਿਸਾਨਾਂ ਨੂੰ ਹੋਣ ਵਾਲੇ ਲਾਭ ਬਾਰੇ ਜਾਣਕਾਰੀ ਮਾਹਿਰਾ ਤੇ ਅਧਿਕਾਰੀਆਂ ਵੱਲੋਂ ਕਿਸਾਨਾ ਦੇ ਖੇਤਾਂ ਵਿਚ ਜਾ ਕੇ ਦਿੱਤੀ ਜਾਵੇ।
ਇਸੇ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਸ.ਜਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਰੂਪਨਗਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ.ਗੁਰਬਚਨ ਸਿੰਘ ਦੀ ਅਗਵਾਈ ਹੇਠ ਪਿੰਡ ਚੰਡੇਸਰ ਵਿਖੇ ਕਿਸਾਨ ਗਣੇਸ਼ ਦੱਤ ਦੇ ਖੇਤ ਵਿੱਚ ਕਣਕ ਦੀ ਬਿਜਾਈ ਸੁਪਰ ਸੀਡਰ ਮਸ਼ੀਨ ਨਾਲ ਕਰਵਾਈ ਗਈ।
ਅੱਜ ਚੰਡੇਸਰ ਵਿਖੇ ਕਿਸਾਨ ਗਣੇਸ਼ ਦੱਤ ਤੇ ਖੇਤਾਂ ਵਿੱਚ ਖੇਤੀਬਾੜੀ ਮਾਹਿਰਾ ਵੱਲੋਂ ਆਧੁਨਿਕ ਮਸੀਨਰੀ ਦੀ ਵਰਤੋਂ ਬਾਰੇ ਸਿਖਲਾਈ ਦੇਣ ਦੇ ਉਲੀਕੇ ਪ੍ਰੋਗਰਾਮ ਵਿੱਚ ਵਿਸੇਸ ਤੌਰ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਐਸ.ਡੀ.ਐਮ ਮਨਦੀਪ ਸਿੰਘ ਢਿੱਲੋਂ ਅਤੇ ਨਾਇਬ ਤਹਿਸੀਲਦਾਰ ਵਿਕਾਸਦੀਪ ਨੇ ਪਹੁੰਚ ਕੇ ਸਮੁੱਚੇ ਪ੍ਰਕਿਰਿਆ ਦਾ ਜਾਇਜਾ ਲਿਆ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰ ਅਧਿਕਾਰੀਆਂ ਨੂੰ ਅਜਿਹਾ ਪ੍ਰੋਗਰਾਮ ਹੋਰ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਉਲੀਕਣ ਦੀ ਹਦਾਇਤ ਕੀਤੀ। ਐਸ.ਡੀ.ਐਮ ਨੇ ਦੱਸਿਆ ਕਿ ਕਿਸਾਨਾਂ ਲਈ ਪੰਜਾਬ ਸਰਕਾਰ ਵਿਸੇਸ਼ ਉਪਰਾਲੇ ਕਰ ਰਹੀ ਹੈ ਤਾਂ ਜੋਂ ਕਿਸਾਨਾਂ ਦੀ ਆਰਥਿਕਤਾ ਨੂੰ ਮਜਬੂਤ ਕੀਤਾ ਜਾਵੇ ਅਤੇ ਵਾਤਾਵਰਣ ਤੇ ਪੋਣ ਪਾਣੀ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਅਮਰਜੀਤ ਸਿੰਘ ਖੇਤੀ ਵਿਕਾਸ ਅਫਸਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਖੇਤ ਵਿੱਚ ਸਾਂਭਣ ਲਈ ਇੰਨ ਸੀਟੂ ਸਕੀਮ ਤਹਿਤ ਖੇਤੀਬਾੜੀ ਵਿਭਾਗ ਵੱਲੋ ਕਿਸਾਨਾਂ ਨੂੰ ਉਪਦਾਨ ਤੇ ਵੱਖ-ਵੱਖ ਮਸ਼ੀਨਾਂ ਦਿੱਤੀਆ ਗਈਆ ਹਨ।
ਸੁਪਰ ਸੀਡਰ ਮਸ਼ੀਨ ਨਾਲ ਬੀਜੀ ਜਾ ਰਹੀ ਕਣਕ ਦੀ ਫਸਲ ਦਾ ਨਿਰੀਖਣ ਕਰਦੇ ਹੋਏ ਅਮਰਜੀਤ ਸਿੰਘ ਨੇ ਦੱਸਿਆ ਕਿ ਸੁਪਰ ਸੀਡਰ ਮਸ਼ੀਨ ਦੀ ਤਕਨੀਕ ਨਾਲ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਅਤੇ ਕਣਕ ਦੀ ਬਜਾਈ ਇਕੋ ਸਮੇਂ ਤੇ ਕੀਤੀ ਜਾ ਸਕਦੀ ਹੈ, ਜਿਸ ਨਾਲ ਸਮੇਂ ਦੀ ਬੱਚਤ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਦੇ ਖਰਚੇ ਦੀ ਬੱਚਤ ਹੁੰਦੀ ਹੈ। ਸੁਪਰ ਸੀਡਰ ਮਸ਼ੀਨ ਨਾਲ ਪਰਾਲੀ ਜ਼ਮੀਨ ਚ ਗਲ ਜਾਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ, ਉੱਥੇ ਅਗਲੀ ਫਸਲ ਦਾ ਝਾੜ ਵੱਧਣ ਦੇ ਨਤੀਜੇ ਵੀ ਚੰਗੇ ਆਉਂਦੇ ਹਨ।