ਚੰਡੀਗੜ੍ਹ, 2 ਨਵੰਬਰ, 2023 : ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ ਦੇ ਵਸਨੀਕ ਤੇ ਖੁਰਾਕ, ਜਨਤਕ ਸਪਲਾਈ ਤੇ ਖੱਪਤਕਾਰ ਮਾਮਲੇ ਵਿਭਾਗ ਦੇ ਡਰਾਈਵਰ ਕੁਲਦੀਪ ਸਿੰਘ ਸਮੇਤ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਲਮਪੁਰ ਦੇ ਰਹਿਣ ਵਾਲੇ ਬਲਬੀਰ ਸਿੰਘ ਨੂੰ ਆਪਣੇ ਅਹੁਦਿਆਂ ਦੀ ਦੁਰਵਰਤੋਂ, ਸਰਕਾਰੀ ਮੁਲਾਜ਼ਮਾਂ ਤੋਂ ਧੋਖਾਧੜੀ, ਬਲੈਕਮੇਲਿੰਗ, ਜਬਰੀ ਵਸੂਲੀ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਆਈ.ਜੀ. ਸਿੱਧੂ ਸਰਕਾਰੀ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦੇਣ ਪਿੱਛੋਂ ਬਲੈਕਮੇਲਿੰਗ ਅਤੇ ਨਜਾਇਜ਼ ਲਾਭ ਲੈ ਕੇ ਇਹ ਸ਼ਿਕਾਇਤਾਂ ਵਾਪਸ ਲੈ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਜਾਂਚ ਨੰਬਰ 15, ਮਿਤੀ 06-10-2023 ਦੇ ਆਧਾਰ ‘ਤੇ, ਵਿਜੀਲੈਂਸ ਬਿਊਰੋ ਨੇ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਭਾਰਤੀ ਦੰਡਾਵਲੀ ਦੀ ਧਾਰਾ 384, 419, 420, ਅਤੇ 120-ਬੀ ਦੇ ਤਹਿਤ 30 ਅਕਤੂਬਰ, 2023 ਨੂੰ ਥਾਣਾ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਨੰਬਰ 28 ਦਰਜ ਕੀਤਾ ਗਿਆ ਹੈ।