ਨਵਾਂਸ਼ਹਿਰ, 3 ਨਵੰਬਰ, 2023 : ਹਲਕਾ ਇੰਜਾਰਜ ਲਲਿਤ ਮੋਹਨ ਪਾਠਕ ਬੱਲੂ ਨੇ ਨਵ-ਨਿਯੁਕਤ 63 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਨਿੱਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਮਾਨਦਾਰੀ ‘ਤੇ ਸਖ਼ਤ ਮਿਹਨਤ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਬਿਨ੍ਹਾਂ ਕਿਸੇ ਸਿਫਾਰਿਸ਼ ਅਤੇ ਰਿਸ਼ਵਤ ਖੋਰੀ ਦੇ ਮੈਰਿਟ ਦੇ ਆਧਾਰ ‘ਤੇ ਲਿਸਟ ਤਿਆਰ ਕਰਕੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਨਵਾਂਸ਼ਹਿਰ ਵਿਖੇ ਜਿਥੇ ਆਂਗਣਵਾੜੀ ਸੈਂਟਰ ਨਹੀਂ ਹਨ, ਉਥੇ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਇਹ ਆਂਗਣਵਾੜੀ ਸੈਂਟਰਾਂ ਦਾ ਕੰਮ ਸ਼ੁਰੂ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਨਿਯੁਕਤੀ ਪੱਤਰ ਲੈਣ ਵਾਲੇ ਉਮੀਦਵਾਰਾਂ ਨੂੰ ਮਿਹਨਤ ਅਤੇ ਲਗਨ ਦੇ ਨਾਲ ਆਪਣਾ ਕੰਮ ਕਰਨ ਸਬੰਧੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਸਰਕਾਰ ਵਲੋਂ 37 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਸ ਨੂੰ ਲੈ ਕੇ ਨੌਜਵਾਨਾਂ ਵਿੱਚ ਵੀ ਬਹੁਤ ਉਤਸ਼ਾਹ ਹੈ।