ਸ੍ਰੀ ਮੁਕਤਸਰ ਸਾਹਿਬ, 3 ਨਵੰਬਰ : ਜਿ਼ਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੱਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਨੇ ਇੰਨ੍ਹਾਂ ਕਿਸਾਨਾਂ ਨੂੰ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਨਮਾਨਿਤ ਕੀਤਾ।
ਇਸ ਮੌਕੇ ਡਿਪਟੀ ਕਮਿਸਨਰ ਡਾ: ਰੂਹੀ ਦੁੱਗ ਨੇ ਆਖਿਆ ਕਿ ਇਹ ਪ੍ਰਗਤੀਸ਼ੀਲ ਕਿਸਾਨ ਹੋਰ ਕਿਸਾਨਾਂ ਲਈ ਰਾਹ ਦਸੇਰੇ ਸਾਬਤ ਹੋਣਗੇ।ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣੇ ਹੋਰ ਕਿਸਾਨਾਂ ਨੂੰ ਵੇਖ ਕੇ ਅਤੇ ਉਨ੍ਹਾਂ ਦੇ ਤਜਰਬਿਆਂ ਤੋਂ ਵੀ ਸਿਖਦੇ ਹਨ। ਇਸ ਲਈ ਇੰਨ੍ਹਾਂ ਕਿਸਾਨਾਂ ਨੂੰ ਵੇਖ ਕੇ ਹੋਰ ਕਿਸਾਨ ਵੀ ਇੰਨ੍ਹਾਂ ਪਿੰਡਾਂ ਵਿਚ ਪਰਾਲੀ ਦਾ ਪ੍ਰਬੰਧਨ ਇਸਨੂੰ ਬਿਨ੍ਹਾਂ ਸਾੜੇ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਕਿਸਾਨ ਦੇਸ਼ ਦੇ ਅੰਨ ਭੰਡਾਰ ਭਰਦੇ ਹਨ ਅਤੇ ਪੂਰੀ ਮਨੁੱਖਤਾ ਲਈ ਅਨਾਜ ਪੈਦਾ ਕਰਦੇ ਹਨ, ਫਿਰ ਇਹ ਕਿਸਾਨ ਪਰਾਲੀ ਸਾੜ ਕੇ ਵਾਤਾਵਰਨ ਨੂੰ ਪ੍ਰਦੁਸਿਤ ਕਰਨ ਦੇ ਭਾਗੀਦਾਰ ਕਿਵੇਂ ਬਣ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਸਨਮਾਨਿਤ ਹੋਣ ਵਾਲੇ ਕਿਸਾਨਾਂ ਨੂੰ ਵਾਤਾਵਰਨ ਦੇ ਰਾਖੇ ਦਾ ਖਿਤਾਬ ਦਿੰਦਿਆਂ ਕਿਹਾ ਕਿ ਉਹ ਆਪਣੇ ਤਜਰਬੇ ਹੋਰਨਾਂ ਕਿਸਾਨਾਂ ਨਾਲ ਵੀ ਸਾਂਝੇ ਕਰਨ ਅਤੇ ਉਨ੍ਹਾਂ ਨੂੰ ਵੀ ਪਰਾਲੀ ਬਿਨ੍ਹਾਂ ਸਾੜੇ ਇਸਦਾ ਨਿਪਟਾਰਾ ਕਰਨ ਲਈ ਪ੍ਰੇਰਿਤ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਵਾਤਾਵਰਨ ਦਾ ਨੁਕਸਾਨ ਤਾਂ ਹੁੰਦਾ ਹੀ ਹੈ ਪਰ ਇਹ ਸਾਡੇ ਕਿਸਾਨਾਂ ਦੀਆਂ ਜਮੀਨਾਂ ਦੀ ਉਪਜਾਊ ਸ਼ਕਤੀ ਲਈ ਵੀ ਘਾਤਕ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਜਮੀਨ ਦੇ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ ਅਤੇ ਹੌਲੀ ਹੌਲੀ ਜਮੀਨਾਂ ਬੰਜਰ ਹੋਣ ਲੱਗਦੀਆਂ ਹਨ। ਇਸ ਲਈ ਕਿਸਾਨਾਂ ਨੂੰ ਪਰਾਲੀ ਨਹੀਂ ਸਾੜਨੀ ਚਾਹੀਦੀ ਹੈ।
ਡਿਪਟੀ ਕਮਿਸਨਰ ਨੇ ਆਖਿਆ ਕਿ ਸਰਕਾਰ ਵੱਲੋਂ ਵੱਡੀ ਪੱਧਰ ਤੇ ਮਸ਼ੀਨਾਂ ਉਪਲਬੱਧ ਕਰਵਾਈਆਂ ਗਈਆਂ ਹਨ ਅਤੇ ਕਿਸਾਨ ਕਿਰਾਏ ਤੇ ਲੈ ਕੇ ਵੀ ਪਰਾਲੀ ਦਾ ਨਿਪਟਾਰਾ ਕਰ ਸਕਦੇ ਹਨ ਤੇ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰ ਸਕਦੇ ਹਨ।
ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਐਸ ਡੀ ਐਮ ਸ੍ਰੀ ਕੰਵਰਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਵੀ ਹਾਜਰ ਸਨ।