ਫਾਜ਼ਿਲਕਾ 7 ਨਵੰਬਰ 2023 -ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਵੱਲੋਂ ਸਟੱਬਲ ਬਰਨਿੰਗ ਮੈਨੇਜਮੈਂਟ ਲਈ ਲਗਾਏ ਗਏ ਜ਼ਿਲ੍ਹੇ ਦੇ ਸਮੂਹ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੁਆਰਾ ਹੁਣ ਤੱਕ ਕੀਤੇ ਕੰਮਾਂ ਦਾ ਰੀਵਿਊ ਕੀਤਾ ਗਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਲੱਸਟਰ ਅਤੇ ਨੋਡਲ ਅਫਸਰ ਨੂੰ ਹਦਾਇਤ ਕੀਤੀ ਕਿ ਉਹ ਫੀਲਡ ਵਿੱਚ ਕੰਮ ਕਰਨਗੇ ਅਤੇ ਝੋਨੇ ਦੀ ਪਰਾਲੀ ਨੂੰ ਵੱਖ-ਵੱਖ ਤਕਨੀਕਾਂ ਨਾਲ ਸਾਂਭਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨਗੇ ਅਤੇ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਹਰ ਸੰਭਵ ਯਤਨ ਕਰਨਗੇ ਤੇ ਅੱਗ ਲਗਾਉਣ ਵਾਲੇ ਕਿਸਾਨਾਂ ਤੇ ਬਣਦੀ ਕਾਰਵਾਈ ਵੀ ਕਰਨਗੇ। ਉਨ੍ਹਾਂ ਕਿਹਾ ਕਿ ਉਹ ਜ਼ਮੀਨੀ ਪੱਧਰ ਤੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਨ ਅਤੇ ਖ਼ੇਤੀਬਾੜੀ ਵਿਭਾਗ ਵੱਲੋਂ ਉਪਲਬਧ ਕਰਵਾਈ ਗਈ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਵੀ ਦੱਸਣ ਤਾਂ ਜੋ ਪਰਾਲੀ ਨੂੰ ਸੜਨ ਤੋਂ ਰੋਕਿਆ ਜਾ ਸਕੇ ਅਤੇ ਜਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਫਾਜ਼ਿਲਕਾ ਦੇ ਜਿਨ੍ਹਾਂ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਜ਼ਿਆਦਾ ਘਟਨਾਵਾਂ ਸਾਹਮਣੇ ਆਈਆਂ ਸਨ, ਉਸ ਨੂੰ ਗੰਭੀਰਤਾ ਨਾਲ ਲਿਆ ਜਾਵੇ ਤੇ ਉਨ੍ਹਾਂ ਪਿੰਡਾਂ ਤੇ ਅਧਿਕਾਰੀ ਲਗਾਤਾਰ ਖੁਦ ਜਾ ਕੇ ਜਾਇਜ਼ਾ ਲੈਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਕਲੱਸਟਰ ਅਤੇ ਨੋਡਲ ਅਫਸਰ ਆਪਣੀ ਡਿਊਟੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਹਰ ਸੰਭਵ ਯਤਨ ਕਰਨ।
ਉਨ੍ਹਾਂ ਅੱਗੇ ਕਿਹਾ ਜ਼ਿਲ੍ਹੇ ਵਿਚ ਪਰਾਲੀ ਦੀ ਸਾਂਭ-ਸੰਭਾਲ ਲਈ ਪਿੰਡਾਂ ਵਿਖੇ ਤਾਇਨਾਤ ਕੀਤੇ ਗਏ ਅਧਿਕਾਰੀ ਰੋਜ਼ਾਨਾ ਆਪਣੇ ਵਲੋਂ ਕੀਤੀ ਕਾਰਗੁਜ਼ਾਰੀ ਜਿਸ ਵਿਚ ਕਿਸਾਨਾਂ ਅਤੇ ਪੰਚਾਇਤਾਂ ਨਾਲ ਕੀਤੀਆਂ ਮੀਟਿੰਗਾਂ, ਉਪਰਾਲੇ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਚੁੱਕੇ ਵਿਸ਼ੇਸ਼ ਕਦਮ ਸਬੰਧੀ ਕਾਰਗੁਜ਼ਾਰੀ ਦੀ ਰਿਪੋਰਟ ਪਹਿਲਾਂ ਦੀ ਤਰ੍ਹਾਂ ਜ਼ਿਲ੍ਹਾ ਹੈੱਡਕੁਆਟਰ ਵਿਖੇ ਪੇਸ਼ ਕਰਨ, ਜਿਸ ਦੀ ਸਮੀਖਿਆ ਜ਼ਿਲ੍ਹਾ ਪੱਧਰ ਉਤੇ ਕੀਤੀ ਜਾ ਰਹੀ ਹੈ।