ਨਵੀਂ ਦਿੱਲੀ, 14 ਨਵੰਬਰ – ਪੂਰਬੀ ਦਿੱਲੀ ਦੇ ਸ਼ਕਰਪੁਰ ਵਿੱਚ ਬੀਤੀ ਦੇਰ ਰਾਤ ਇਕ ਇਮਾਰਤ ਵਿੱਚ ਅੱਗ ਲੱਗਣ ਕਾਰਨ 40 ਸਾਲਾ ਔਰਤ ਦੀ ਮੌਤ ਹੋ ਗਈ, ਜਦਕਿ 26 ਵਿਅਕਤੀਆਂ ਨੂੰ ਬਚਾ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਇਮਾਰਤ ਦੇ ਪਾਰਕਿੰਗ ਏਰੀਏ ਤੋਂ ਸ਼ੁਰੂ ਹੋਈ ਅਤੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਦਿੱਲੀ ਫਾਇਰ ਸਰਵਿਸ ਨੇ 26 ਵਿਅਕਤੀਆਂ ਅਤੇ ਦੋ ਪਾਲਤੂ ਜਾਨਵਰਾਂ ਨੂੰ ਬਚਾਇਆ।
ਉਨ੍ਹਾਂ ਦੱਸਿਆ ਕਿ ਕੁਝ ਵਿਅਕਤੀਆਂ ਨੇ ਆਪਣੇ ਆਪ ਨੂੰ ਬਚਾਉਣ ਲਈ ਖਿੜਕੀਆਂ ਤੋਂ ਛਾਲ ਮਾਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਸਾਰੇ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਬੀਤੀ ਰਾਤ ਕਰੀਬ 1.05 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਅਸੀਂ ਤੁਰੰਤ ਤਿੰਨ ਫਾਇਰ ਟੈਂਡਰ ਤਾਇਨਾਤ ਕੀਤੇ। ਬਾਅਦ ਵਿੱਚ ਫਾਇਰ ਬ੍ਰਿਗੇਡ ਦੀਆਂ 5 ਹੋਰ ਗੱਡੀਆਂ ਨੂੰ ਮੌਕੇ ਤੇ ਭੇਜਿਆ ਗਿਆ। ਮਾਮਲੇ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ।