ਨਵੀਂ ਦਿੱਲੀ, 22 ਨਵੰਬਰ- ਦੋ ਮਹੀਨੇ ਬਾਅਦ ਭਾਰਤ ਨੇ ਫਿਰ ਤੋਂ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸਰਵਿਸ ਦੀ ਸ਼ੁਰੂਆਤ ਕਰ ਦਿੱਤੀ ਹੈ। ਦਰਅਸਲ ਹਰਦੀਪ ਸਿੰਘ ਨਿੱਜਰ ਦੇ ਕਤਲ ਦੇ ਮੁੱਦੇ ਤੇ ਕੈਨੇਡਾ ਅਤੇ ਭਾਰਤ ਦੇ ਸਬੰਧਾਂ ਵਿੱਚ ਤਣਾਅ ਪੈਦਾ ਹੋ ਗਏ ਸਨ। ਦੋਹਾਂ ਦੇਸ਼ਾਂ ਵਿਚਾਲੇ ਰਿਸ਼ਤੇ ਖਰਾਬ ਹੋਣ ਮਗਰੋਂ ਭਾਰਤ ਨੇ ਈ-ਵੀਜ਼ਾ ਸਰਵਿਸ ਨੂੰ ਰੋਕ ਦਿੱਤਾ ਸੀ। ਸੂਤਰਾਂ ਮੁਤਾਬਕ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾ ਜੋ ਕਿ ਭਾਰਤ ਵੱਲੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਤੋਂ ਬਾਅਦ ਬੰਦ ਕਰ ਦਿੱਤੀ ਗਈ ਸੀ, ਅੱਜ ਮੁੜ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਬੀਤੀ 18 ਜੂਨ ਨੂੰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਜਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਕੈਨੇਡਾ ਵਿਚ ਮੌਜੂਦ ਖਾਲਿਸਤਾਨੀਆਂ ਨੇ ਭਾਰਤੀ ਨਾਗਰਿਕਾਂ ਦੇ ਨਾਲ-ਨਾਲ ਭਾਰਤੀ ਰਾਜਦੂਤਾਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ। ਨਿੱਜਰ ਕਤਲ ਦੇ ਮੁੱਦੇ ਤੇ ਜਸਟਿਸ ਟਰੂਡੋ ਨੇ ਵਿਵਾਦਿਤ ਬਿਆਨ ਦਿੱਤਾ ਸੀ ਕਿ ਨਿੱਜਰ ਦੇ ਕਤਲ ਪਿੱਛੇ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਜਿਸ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਤਣਾਅ ਪੈਦਾ ਹੋ ਗਿਆ ਸੀ। ਭਾਰਤ ਨੇ 2020 ਵਿਚ ਨਿੱਜਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਖਾਰਜ ਕਰ ਦਿੱਤਾ ਸੀ।