ਚੰਡੀਗੜ੍ਹ, 22 ਨਵੰਬਰ- ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ ਆਰ ਡੀ ਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।
ਚੰਡੀਗੜ੍ਹ ਪੁਲੀਸ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਆਰ ਡੀ ਐਕਸ ਦਾ ਕੇਸ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਦਾ ਇਲਜਾਮ ਸੀ ਕਿ ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰ ਡੀ ਐਕਸ ਮੁਹੱਈਆ ਕਰਵਾਇਆ ਸੀ।
ਇਸ ਮਾਮਲੇ ਵਿੱਚ ਪੁਲੀਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲੀਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।