ਅੰਮ੍ਰਿਤਸਰ, 30 ਜੂਨ, 2020 : ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਰੋਜ਼ਾਨਾ ਪਹਿਰੇਦਾਰ ਅਖ਼ਬਾਰ ਦੇ ਅੰਮ੍ਰਿਤਸਰ ਤੋਂ ਪੱਤਰਕਾਰ ਚਰਨਜੀਤ ਸਿੰਘ ਵਿਰੁੱਧ ਗੁਰੂ ਘਰ ਦੇ ਪ੍ਰਬੰਧਾਂ ਨੂੰ ਬਦਨਾਮ ਕਰਨ ਦੇ ਮਾਮਲੇ ਵਿਚ ਪੁਲਿਸ ਕਮਿਸ਼ਨਰ ਪਾਸ ਸ਼ਿਕਾਇਤ ਦਰਜ਼ ਕਰਵਾਈ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਸਬੰਧਤ ਪੱਤਰਕਾਰ ਵਿਰੁੱਧ ਪਰਚਾ ਦਰਜ਼ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਪੱਤਰਕਾਰ ਚਰਨਜੀਤ ਸਿੰਘ ਨੇ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿੱਚੋਂ 8 ਲੱਖ ਰੁਪਏ ਦੀ ਦਾਲ ਦੇ ਘਪਲੇ ਸਬੰਧੀ ਖ਼ਬਰ ਲਗਾਈ ਸੀ, ਜਿਸ ਨੂੰ ਬੇਬੁਨਿਆਦ ਦੱਸਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਸੰਕੇਤ ਦਿੱਤੇ ਸਨ। ਇਸੇ ਦੇ ਚੱਲਦਿਆਂ ਅੱਜ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੂੰ ਲਿਖਤੀ ਤੌਰ ’ਤੇ ਸ਼ਿਕਾਇਤ ਦਿੰਦਿਆਂ ਮੈਨੇਜਰ ਮੁਖਤਾਰ ਸਿੰਘ ਚੀਮਾ ਅਤੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਪੱਤਰਕਾਰ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਮੈਨੇਜਰ ਮੁਖਤਾਰ ਸਿੰਘ ਚੀਮਾ ਨੇ ਦੱਸਿਆ ਕਿ ਇਸ ਪੱਤਰਕਾਰ ਵੱਲੋਂ ਬਿਨਾ ਤੱਥਾਂ ਤੋਂ ਹੀ ਖ਼ਬਰ ਲਗਾ ਕੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੇ ਨਾਲ-ਨਾਲ ਪਾਵਨ ਅਧਿਆਤਮਿਕ ਅਸਥਾਨ ਦੀ ਮਾਣ-ਮਰਯਾਦਾ ਨੂੰ ਵੀ ਠੇਸ ਪਹੁੰਚਾਈ ਹੈ। ਇਸ ਨਾਲ ਸੰਗਤਾਂ ਦੀ ਭਾਵਨਾਵਾਂ ਨੂੰ ਵੀ ਭਾਰੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਨੂੰ ਵੀ ਹੱਕ ਨਹੀਂ ਹੈ ਕਿ ਮਨਘੜਤ ਖ਼ਬਰਾਂ ਲਗਾ ਕੇ ਆਪਣੇ ਨਿੱਜੀ ਹਿੱਤ ਪਾਲੇ ਜਾਣ। ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਪਾਸ ਸ਼ਿਕਾਇਤ ਦੇ ਨਾਲ ਨਾਲ ਸ੍ਰੀ ਦਰਬਾਰ ਸਾਹਿਬ ਵੱਲੋਂ ਇਸ ਪੱਤਰਕਾਰ ਖਿਲਾਫ਼ ਅਦਾਲਤੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਪੱਤਰਕਾਰ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਡਿਊਟੀ ਕਰਦੇ ਮੁਲਾਜ਼ਮਾਂ ਨੂੰ ਵੀ ਧਮਕਾ ਕੇ ਪੈਸਿਆਂ ਦੀ ਮੰਗ ਕਰਦਾ ਹੈ। ਉਨ੍ਹਾਂ ਵੱਲੋਂ ਵੀ ਪੁਲਿਸ ਕਮਿਸ਼ਨਰ ਨੂੰ ਪਹਿਲਾਂ ਹੀ ਸ਼ਿਕਾਇਤ ਭੇਜੀ ਜਾ ਚੁੱਕੀ ਹੈ। ਚੀਮਾ ਨੇ ਕਿਹਾ ਕਿ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਾਂ ਨੂੰ ਜਾਣਬੁਝ ਕੇ ਬਦਨਾਮ ਕਰਨ ਵਾਲੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਸ੍ਰੀ ਦਰਬਾਰ ਸਾਹਿਬ ਜੀ ਦੇ ਅਧਿਕਾਰੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨਾਂ ਵਲੋਂ ਕੀਤੀ ਗਈ ਸ਼ਿਕਾਇਤ ਨੂੰ ਪੂਰੀ ਜਾਂਚ ਕਰਕੇ ਬਣਦੀ ਸਖ਼ਤ ਤੋ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਜੀ ਦੇ ਵਧੀਕ ਮੈਨਜ਼ਰ ਰਾਜਿੰਦਰ ਸਿੰਘ ਰੂਬੀ, ਵਕੀਲ ਰਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।