ਢਾਕਾ, 19 ਦਸੰਬਰ – ਅਗਲੇ ਸਾਲ 7 ਜਨਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਕਾਰਨ ਬੰਗਲਾਦੇਸ਼ ਵਿੱਚ ਚੱਲ ਰਹੀ ਸਿਆਸੀ ਉਥਲ-ਪੁਥਲ ਦਰਮਿਆਨ ਅੱਜ ਅਣਪਛਾਤਿਆਂ ਨੇ ਰਾਜਧਾਨੀ ਢਾਕਾ ਵਿੱਚ ਯਾਤਰੀ ਰੇਲ ਗੱਡੀ ਨੂੰ ਅੱਗ ਲਗਾ ਦਿੱਤੀ, ਜਿਸ ਵਿੱਚ ਇੱਕ ਔਰਤ ਅਤੇ ਉਸ ਦੇ ਨਾਬਾਲਗ ਪੁੱਤਰ ਸਣੇ 4 ਵਿਅਕਤੀਆਂ ਦੀ ਮੌਤ ਹੋ ਗਈ।
ਇਹ ਹਮਲਾ ਦੇਸ਼ ਦੀ ਮੁੱਖ ਵਿਰੋਧੀ ਧਿਰ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਵੱਲੋਂ ਚੋਣਾਂ ਦਾ ਬਾਈਕਾਟ ਕਰਨ ਅਤੇ ਚੋਣ ਕਮਿਸ਼ਨ ਦੁਆਰਾ ਐਲਾਨੇ ਚੋਣ ਪ੍ਰੋਗਰਾਮ ਦੇ ਵਿਰੁੱਧ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ ਦਿੱਤੇ ਦੇਸ਼ ਵਿਆਪੀ ਬੰਦ ਦੇ ਸੱਦੇ ਸਮੇਂ ਹੋਇਆ। ਪਿਛਲੇ ਕੁਝ ਮਹੀਨਿਆਂ ਵਿੱਚ ਰੇਲਗੱਡੀ ਨੂੰ ਅੱਗ ਲੱਗਣ ਦੀ ਇਹ ਪੰਜਵੀਂ ਘਟਨਾ ਹੈ।