ਸ੍ਰੀ ਮੁਕਤਸਰ ਸਾਹਿਬ 22 ਦਸੰਬਰ 2023- ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਚ 20 ਆਮ ਆਦਮੀ ਕਲੀਨਿਕ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਜਲਦ ਹੀ ਜਿਲ੍ਹੇ ਵਿਚ 2 ਆਮ ਆਦਮੀ ਕਲੀਨਿਕ ਗਿੱਦੜਬਾਹਾ ਅਤੇ ਬਰੀਵਾਲਾ ਵਿਖੇ ਖੁੱਲ੍ਹਣ ਜਾ ਰਹੇ ਹਨ। ਉਨ੍ਹਾ ਕਿਹਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਚੱਲ ਰਹੇ 20 ਆਮ ਆਦਮੀ ਕਲੀਨਿਕਾਂ ਵਲੋਂ ਹੁਣ ਤੱਕ 195927 ਮਰੀਜਾਂ ਨੇ ਚੈੱਕਅੱਪ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ ਹੁਣ ਤੱਕ 82825 ਮਰੀਜਾ ਦੇ ਲੈਬ ਟੈਸਟ ਵੀ ਮੁਫਤ ਗਏ ਹਨ। ਉਨ੍ਹਾ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੌਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਲੋੜੀਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।
ਆਮ ਆਦਮੀ ਕਲੀਨਿਕਾਂ ਵਿਚ 38 ਤਰ੍ਹਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ। ਇਸ ਨਾਲ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ। ਉਨ੍ਹਾ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। ਇਸ ਮੌਕੇ ਡਾ. ਬੰਦਨਾ ਬਾਂਸਲ ਡੀ.ਐਮ.ਸੀ., ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਹਾਜ਼ਰ ਸਨ।