ਸ਼੍ਰੀ ਮੁਕਤਸਰ ਸਾਹਿਬ, 29 ਦਸੰਬਰ 2023 – ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰ ਸੈਕਟਰ ਵਿੱਚ ਨੋਡਲ ਅਫਸਰ ਲਗਾਇਆ ਜਾਵੇ ਅਤੇ ਇਹਨਾਂ ਸੈਕਟਰਾਂ ਵਿੱਚ ਜੇ.ਈ., ਐਸ.ਡੀ.ਓ., ਨਗਰ ਕੌਂਸਲ ਅਤੇ ਜਨ ਸਿਹਤ ਦੀਆਂ ਟੀਮਾਂ ਸੰਗਤਾਂ ਦੀ ਸਹੂਲਤ ਲਈ ਲਗਾਈਆਂ ਜਾਣਗੀਆਂ।
ਉਨ੍ਹਾਂ ਕਾਰਜ ਸਾਧਕ ਅਫਸਰ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਦੀ ਅਤੇ ਸ਼ਹਿਰ ਦੀ ਸਮੁੱਚੀ ਸਫਾਈ ਤੇ ਨਜਾਇਜ਼ ਕਬਜਿਆਂ ਹਟਵਾਉਣੇ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਹਾ ਕਿ ਜਿਨ੍ਹਾਂ ਥਾਵਾ ’ਤੇ ਲੰਗਰ ਲਗਾਏ ਜਾ ਰਹੇ ਹਨ ਉਨ੍ਹਾਂ ਥਾਵੇ ’ਤੇ ਵਰਤੋਂ ਵਿੱਚ ਆਉਣ ਵਾਲੇ ਬਰਤਨ ਪਲਾਸਟਿਕ ਮੁਕਤ ਹੋਣ ਤਾਂ ਜੋ ਇਤਿਹਾਸਕ ਮਾਘੀ ਮੇਲਾ ਇਸ ਵਾਰ ਪਲਾਸਟਿਕ ਮੁਕਤ ਰੱਖਣ ਦਾ ਟੀਚਾ ਪੂਰਾ ਹੋ ਸਕੇ।
ਉਨ੍ਹਾਂ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਸੀਵਰੇਜ ਦੀ ਸਮੱਸਿਆ ਅਤੇ ਆਰਜੀ ਪਖਾਨਿਆਂ ਦੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਤਕਲੀਫ ਪੇਸ਼ ਨਾ ਆਵੇ।
ਉਨ੍ਹਾਂ ਮਾਰਕਫੈਡ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਸਵਾਗਤੀ ਗੇਟਾਂ ਦੀ ਮੁਰੰਮਤ ਕਰਵਾਕੇ ਸਫਾਈ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਫੁੱਲਾਂ ਅਤੇ ਲੜੀਆਂ ਆਦਿ ਨਾਲ ਸਜਾਇਆ ਜਾਵੇ।
ਉਨ੍ਹਾਂ ਮਾਲ ਵਿਭਾਗ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਭੀੜ ਵਾਲੀਆਂ ਥਾਵਾਂ ’ਤੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਨਜ਼ਰ ਰੱਖੀ ਜਾ ਸਕੇ।
ਉਨ੍ਹਾਂ ਖੇਤੀ ਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲਾਂ ਲਗਾਈਆਂ ਜਾਣ ਤਾਂ ਜੋ ਮੇਲੇ ਦੌਰਾਨ ਆਈ ਸੰਗਤ ਨੂੰ ਸਬੰਧਤ ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ।
ਉਹਨਾਂ ਬੀ.ਐਂਡ ਆਰ (ਸੜਕਾਂ), ਮੰਡੀ ਬੋਰਡ ਅਤੇ ਨਗਰ ਕੌਸਲ ਨੂੰ ਹਦਾਇਤਾਂ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ।
ਇਸ ਮੌਕੇ ਐਸ.ਐਸ.ਪੀ, ਸ੍ਰੀ ਮੁਕਤਸਰ ਸਾਹਿਬ ਸ੍ਰੀ ਭਾਗੀਰਥ ਮੀਨਾ ਨੇ ਕਿਹਾ ਕਿ ਸ਼ਹਿਰ ਵਿੱਚ ਪਾਰਕਿੰਗ ਲਈ ਸੱਤ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਪਾਰਕਿੰਗ ਲਈ ਨੋਡਲ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ।
ਇਸ ਮੌਕੇ ਐਸ.ਡੀ.ਐਮ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਕੰਵਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਮਾਲ ਅਫ਼ਸਰ, ਸ੍ਰੀਮਤੀ ਸਰੋਜ ਰਾਣੀ, ਕਾਰਜ ਸਾਧਕ ਅਫ਼ਸਰ, ਸ੍ਰੀ ਰਜਨੀਸ਼ ਗਿਰਧਰ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਗੁਰਪ੍ਰੀਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ, ਸ੍ਰੀ ਜਗਮੋਹਣ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ, ਸ੍ਰੀ ਰਾਜੀਵ ਛਾਬੜਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।