ਫ਼ਾਜਿਲਕਾ 30 ਜੂਨ-ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਜ਼ਿਲੇ ਨੂੰ ਕੋਵਿਡ ਮੁਕਤ ਕਰਨ ਲਈ ਆਮ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ ਹੈ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਕੇ ਜ਼ਿਲਾ ਵਾਸੀਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਘਰ-ਘਰ ਜਾ ਕੇ ਸਾਵਧਾਨੀਆਂ ਰੱਖਣ ਬਾਰੇ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਡੋਰ ਟੂ ਡੋਰ ਜਾ ਕੇ ਕਰਮਚਾਰੀਆਂ ਵੱਲੋਂ ਗਰਭਵਤੀ ਔਰਤਾਂ, 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਬਜੁਰਗਾਂ ਨੂੰ ਘਰ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ।
ਉਨਾਂ ਦੱਸਿਆ ਕਿ ਲੋਕ ਕੋਵਿਡ ਤੋਂ ਬਚਾਅ ਲਈ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ ਅਤੇ ਹੱਥ ਧੋਣ ਨੂੰ ਰੋਜ਼ਾਨਾ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਬਣਾਉਣ। ਉਨਾਂ ਕਿਹਾ ਕਿ ਜੇਕਰ ਅਸੀਂ ਰਾਜ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਾਂਗੇ ਤਾਂ ਆਪ ਤਾਂ ਇਸ ਤੋਂ ਬਚਾਂਗੇ ਹੀ, ਨਾਲ ਹੀ ਆਪਣੇ ਪਰਿਵਾਰ, ਆਂਢ-ਗੁਆਂਢ ਅਤੇ ਜ਼ਿਲੇ ਅੰਦਰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕ ਸਕਾਂਗੇ।