ਚੰਡੀਗੜ੍ਹ, 5 ਜਨਵਰੀ, 2024: ਪੰਜਾਬ ਵਿਚ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਦਾ ਲੋਕ ਸਭਾ ਚੋਣਾਂ ਲਈ ਗਠਜੋੜ ਹੋਣ ਦੀ ਸੰਭਾਵਨਾ ਮੱਧਮ ਹੋ ਗਈ ਹੈ। ਕਾਂਗਰਸ ਪਾਰਟੀ ਵੱਲੋਂ ਰਾਜਾਂ ਵਿਚ ਗਠਜੋੜ ਲਈ ਚਰਚਾ ਵਾਸਤੇ ਬਣਾਈ ਕੌਮੀ ਕਮੇਟੀ ਨੇ ਆਪਣੀ ਰਿਪੋਰਟ ਏ ਆਈ ਸੀ ਸੀ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੌਂਪ ਦਿੱਤੀ ਹੈ ਜਿਸ ਵਿਚ ਪੰਜਾਬ ਵਿਚ ਗਠਜੋੜ ਲਈ ਸਿਫਾਰਸ਼ ਨਹੀਂ ਕੀਤੀ ਗਈ ਪਰ ਦਿੱਲੀ ਵਿਚ ਗਠਜੋੜ ਵਾਸਤੇ ਕੀਤੀ ਗਈ ਹੈ।
ਕੱਲ੍ਹ ਕਾਂਗਰਸ ਪਾਰਟੀ ਦੀ ਹੋਈ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੌਮੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਇਸ ਗੱਲ ਲਈ ਪ੍ਰਭਾਵ ਪਾਇਆ ਕਿ ਪੰਜਾਬ ਵਿਚ ਗਠਜੋੜ ਨਾ ਕੀਤਾ ਜਾਵੇ।