ਪਟਿਆਲਾ , 23 ਜਨਵਰੀ 2024:-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ’ਚ ਨਜ਼ਰਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮਸਲੇ ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੱਲੋਂ ਰੈਗੂਲਰ ਜ਼ਮਾਨਤ ਵਾਲੀ ਫਾਈਲ ਨੂੰ ਦਰਕਿਨਾਰ ਕਰਨਾ ਬੇਹੱਦ ਮੰਦਭਾਗਾ ਵਰਤਾਰਾ, ਉਥੇ ਹੀ ਦਿੱਲੀ ਸਰਕਾਰ ਦਾ ਚਿਹਰਾ ਬੇਨਕਾਬ ਹੋਇਆ ਤੇ ਸਿੱਖਾਂ ਪ੍ਰਤੀ ਨੀਤੀ ਵੀ ਸਪੱਸ਼ਟ ਹੋ ਗਈ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸਿਆਸੀ ਹਿੱਤਾਂ ਲਈ ਪੰਜਾਬ ਵਿਚ ਆ ਕੇ ਵੀ ਲੋਕਾਂ ਨੂੰ ਗੁੰਮਰਾਹ ਕੀਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੱਲਬਾਤ ਕਰ ਰਹੇ ਸਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਿੱਲੀ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਸਿੱਖ ਮਸਲਿਆਂ ’ਤੇ ਲਏ ਗਏ ਯੂ ਟਰਨ ਸਪੱਸ਼ਟ ਕਰਦੇ ਹਨ ਕਿ ਇਹ ਲੋਕ ਸੌੜੇ ਸਿਆਸੀ ਹਿੱਤਾਂ ਖਾਤਰ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨਾਲ ਖਿਲਵਾੜ ਕਰਦੇ ਆ ਹਨ, ਜਿਨ੍ਹਾਂ ਨੂੰ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਆਪ ਅਤੇ ਕੇਂਦਰ ਦੀ ਸਰਕਾਰ ਦਾ ਇਕੋ ਏਜੰਡਾ ਅਤੇ ਇਕੋ ਮੁਖੌਟਾ ਪਹਿਨਿਆ ਹੋਇਆ, ਜੋ ਸਿੱਖਾਂ ਦੇ ਮਸਲਿਆਂ ਪ੍ਰਤੀ ਕਦੇ ਗੰਭੀਰ ਨਹੀਂ ਹੋਏ।
ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਦੇ ਮਸਲੇ ’ਤੇ 24 ਜਨਵਰੀ ਨੂੰ ਭਲਕੇ ਇਕ ਹੰਗਾਮੀ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਅਗਲੇ ਪ੍ਰੋਗਰਾਮ ਦੀ ਰੂਪ ਰੇਖਾ ਉਲੀਕੀ ਜਾਵੇਗੀ । ਉਨ੍ਹਾਂ ਕਿਹਾ ਕਿ ਗਠਿਤ ਕਮੇਟੀ ਨੇ ਆਪਣੀ ਰਿਪੋਰਟ ਵਿਚ ਸਪੱਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਗੁਰਦੁਆਰਾ ਸਾਹਿਬ ਵਿਖੇ ਵਰਦੀਧਾਰੀ ਪੁਲਿਸ ਕਰਮਚਾਰੀਆਂ ਨੇ ਗੋਲੀਬਾਰੀ ਕਰਕੇ ਬੇਅਦਬੀ ਕੀਤੀ ਗਈ ਅਤੇ ਮਰਿਆਦਾ ਦੀਆਂ ਧੱਜੀਆਂ ਉਡਾਈਆਂ ਗਈਆਂ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਮੰਨਿਆ ਗਿਆ ਅਤੇ ਅਗਲਾ ਫੈਸਲਾ ਭਲਕੇ ਸੱਦੀ ਮੀਟਿੰਗ ਵਿਚ ਕੀਤੀ ਜਾਵੇਗਾ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੇ ਜਾਣ ਦਾ ਵੀ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਸਰਕਾਰ ਅਜਿਹਾ ਕਰਕੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਕੰਮ ਕਰ ਰਹੀ, ਜਦਕਿ ਬੰਦੀ ਸਿੱਖਾਂ ਦੀ ਰਿਹਾਈ ਅਤੇ ਪੈਰੋਲ ਦਿੱਤੇ ਜਾਣ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਪਾਈਆਂ ਜਾ ਰਹੀਆਂ ਅੜੱਚਣਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਸਿੱਖਾਂ ਪ੍ਰਤੀ ਦੋਹਰੇ ਮਾਪਦੰਡ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੇ ਜਾਣ ਦੀ ਬਜਾਏ ਉਸ ਦੇ ਘਰ ਵਿਚ ਹੀ ਜੇਲ੍ਹ ਬਣਾ ਦਿੱਤੀ ਜਾਣੀ ਚਾਹੀਦੀ ਹੈ, ਕਿਉਂਕਿ ਕਾਨੂੰਨ ਨੂੰ ਛਿੱਕੇ ਟੰਗ ਕੇ ਉਸ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੈਰੋਲ ਦਾ ਵਿਰੋਧ ਨਹੀਂ ਕਰਦੇ, ਪ੍ਰੰਤੂ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰਨ ਵਾਲਿਆਂ ਪ੍ਰਤੀ ਪੈਰੋਲ ਦੇਣ ਵੇਲੇ ਮਾਪਦੰਡ ਹੋਰ ਕਿਉਂ ਹੁੰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਸਿੱਖਿਆ ਸਕੱਤਰ ਸੁਖਵਿੰਦਰ ਸਿੰਘ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।