ਬਟਾਲਾ, 30 ਜਨਵਰੀ 2024 : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਗਾਂਧੀ ਨਗਰ ਕੈਂਪ ਅਤੇ ਰੇਲਵੇ ਲਾਈਨ ਰੋਡ ਵਿਖੇ 2 ਨਵੇਂ ਬਣੇ ਪੁਲਿਸ ਬੂਥਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਐਸਐਸਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਵੀ ਮੋਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਟਾਲੇ ਸ਼ਹਿਰ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਬਟਾਲਾ ਗਾਂਧੀ ਕੈਂਪ ਤੇ ਰੇਲਵੇ ਲਾਈਨ ਰੋਡ ਵਿਖੇ ਨਵੇਂ ਪੁਲਿਸ ਬੂਥ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਤੇ ਤਿੱਖੀ ਨਜਰ ਰੱਖੀ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ ਅਤੇ ਸੂਬੇ ਵਿੱਚੋਂ ਇਸ ਲਾਹਨਤ ਨੂੰ ਖਤਮ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਨੇ ਪੁਲਿਸ ਨੂੰ ਸਮੱਗਲਰਾਂ ਦੀ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਲਈ ਕਿਹਾ ਗਿਆ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਨਸ਼ਾ ਇੱਕ ਵੱਡੀ ਸਮਾਜਿਕ ਬੁਰਾਈ ਹੈ ਅਤੇ ਇਸ ਨੂੰ ਸਮਾਜ ਵਿੱਚੋਂ ਖਤਮ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ਹੈ। ਉਨਾਂ ਦੁਹਰਾਇਆ ਕਿ ਨਸ਼ਾ ਤਸਕਰਾਂ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਵੀ ਕੀਤੀ।
ਇਸ ਮੌਕੇ ਗੱਲ ਕਰਦਿਆਂ ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਨੇ ਕਿਹਾ ਕਿ ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਮਾੜੇ ਅਨਸਰਾਂ ਖਿਲਾਫ ਸਖ਼ਤੀ ਨਾਲ ਨਿਪਟਿਆ ਜਾ ਰਿਹਾ ਹੈ ਤੇ ਸਮਾਜ ਵਿਰੋਧ ਅਨਸਰਾਂ ਨੂੰ ਬਿਲਕੁੱਲ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਪੁਲਿਸ ਨਾਕਿਆਂ ਦੇ ਨਾਲ ਨਾਲ ਜ਼ਿਲ੍ਹੇ ਦੇ ਅੰਦਰ ਹਰ ਸੰਵੇਦਨਸ਼ੀਲ ਸਥਾਨ ਅਤੇ ਸ਼ੱਕੀ ਵਿਅਕਤੀਆਂ ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਖਿਲਾਫ ਪੁਲਿਸ ਨੂੰ ਨਿਰਭੈਅ ਹੋ ਕੇ ਜਾਣਕਾਰੀ ਦੇਣ। ਸੂਚਨਾ ਦੇਣ ਵਾਲੇ ਦੇ ਪਹਿਚਾਣ ਗੁਪਤਾ ਰੱਖੀ ਜਾਵੇਗੀ।