ਭਰਤਗੜ੍ਹ (ਕੀਰਤਪੁਰ ਸਾਹਿਬ) , 08 ਫਰਵਰੀ 2024 :-ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਲਗਾਏ ਗਏ “ਆਪ ਦੀ ਸਰਕਾਰ ਆਪ ਦੇ ਦੁਆਰ” ਕੈਂਪਾਂ ਦਾ ਲੋਕ ਭਰਪੂਰ ਲਾਭ ਲੈ ਰਹੇ ਹਨ।
ਇਹ ਜਾਣਕਾਰੀ ਦਿੰਦਿਆਂ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਪੰਜਾਬ ਨੇ ਦੱਸਿਆ ਕਿ ਆਸਪੁਰ, ਅਵਾਨਕੋਟ ਵਿਖੇ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਗਏ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਵਧੇਰੇ ਸ਼ਿਕਾਇਤਾ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਅਵਾਨਕੋਟ ਵਿੱਚ ਸੁਸਾਇਟੀ ਦੀ ਇਮਾਰਤ ਲਈ 10 ਲੱਖ ਰੁਪਏ ਜਾਰੀ ਕੀਤੇ ਗਏ ਹਨ,ਜਿਸ ਦੇ ਨਾਲ ਆਧੁਨਿਕ ਸਹੂਲਤਾਂ ਵਾਲਾ ਹਾਲ ਉਸਾਰਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਹ ਸੁਸਾਇਟੀ ਹੋਰਨਾਂ ਲਈ ਰੋਲ ਮਾਡਲ ਬਣੇਗੀ, ਹੁਣ ਸਰਕਾਰਾ ਪਿੰਡਾਂ ਤੋ ਚੱਲਣਗੀਆਂ, ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦਾ ਸੁਪਨਾ ਸਾਕਾਰ ਹੋ ਰਿਹਾ ਹੈ, ਉਨ੍ਹਾਂ ਵੱਲੋਂ ਸਰਕਾਰ ਦੇ ਨੁਮਾਇੰਦੀਆਂ, ਮੰਤਰੀਆਂ, ਵਿਧਾਇਕਾਂ, ਅਧਿਕਾਰੀਆਂ/ਕਰਮਚਾਰੀਆਂ ਨੂੰ ਇਨ੍ਹਾਂ ਕੈਂਪਾਂ ਵਿਚ ਜਾ ਕੇ ਸਰਕਾਰ ਦੀਆਂ ਭਲਾਈ ਤੇ ਲੋਕਪੱਖੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾ ਉਨ੍ਹਾਂ ਦੀਆਂ ਬਰੂਹਾਂ ਤੇ ਜਾ ਕੇ ਨਿਪਟਾਉਣ ਦੇ ਲਈ ਤਹਈਆਂ ਕੀਤਾ ਗਿਆ ਹੈ, ਜਿਸ ਦੇ ਬਹੁਤ ਹੀ ਸਾਰਥਿਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਸ਼ਹੀਦਾ ਦਾ ਸਨਮਾਨ ਕਰਦੀ ਹੈ, ਭਾਈਚਾਰਕ ਸਾਝ ਦੀ ਮਜਬੂਤੀ ਹੁਣ ਬਹਾਲ ਹੋਈ ਹੈ, ਪਿੰਡਾਂ ਦੇ ਲੋਕ ਇਸ ਦੀ ਮਿਸਾਲ ਬਣੇ ਹਨ ਅਤੇ ਇੱਕ ਦੂਜੇ ਦੇ ਦੁੱਖ ਸੁੱਖ ਦੀ ਸਾਝ ਹੋਰ ਮਜਬੂਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਹਰ ਵਰਗ ਲਈ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾ ਦੇਣ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਿਕਰਯੋਗ ਉਪਰਾਲੇ ਕੀਤੇ ਹਨ,ਅਲਟ੍ਰਾਸਾਊਡ, ਐਕਸ-ਰੇ, ਦਵਾਈਆ ਅਤੇ ਟੈਸਟ ਦੀ ਸਹੂਲਤ ਹੁਣ ਸਰਕਾਰੀ ਹਸਪਤਾਲਾਂ ਵਿੱਚ ਮਿਲ ਰਹੀ ਹੈ। ਪ੍ਰਾਈਵੇਟ ਲੈਬ ਤੋਂ ਹੋਣ ਵਾਲੇ ਟੈਸਟ ਦੀ ਅਦਾਇਗੀ ਲਈ ਵੀ ਵੱਡੇ ਵੱਡੇ ਫੈਸਲੇ ਲਏ ਹਨ, ਸਿੱਖਿਆ ਦੇ ਖੇਤਰ ਵਿੱਚ ਜਿਕਰਯੋਗ ਸੁਧਾਰ ਹੋਏ ਹਨ। ਹਜ਼ਾਰਾ ਸਕੂਲਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਨਾਗਰਿਕਾਂ ਨੂੰ ਲਾਭ ਦੇਣ ਲਈ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਭੇਜੀਆਂ ਗਈਆਂ ਹਨ, ਜੋ ਕਿ ਕੈਂਪ ਲੱਗਣ ਪਹਿਲਾਂ ਪਿੰਡਾਂ ਤੇ ਸ਼ਹਿਰਾਂ ਦੇ ਨਾਗਰਿਕਾਂ ਨੂੰ ਕੈਂਪਾਂ ਬਾਰੇ ਜਾਗਰੂਕ ਕਰਨਗੀਆਂ ਤਾਂ ਜੋ ਕੋਈ ਵੀ ਨਾਗਰਿਕ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਨ੍ਹਾਂ ਕੈਂਪਾਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਕਿਉਂਕਿ ਪਹਿਲਾਂ ਲੋਕਾਂ ਨੂੰ ਸੇਵਾਵਾਂ ਲੈਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਮਾਰਨੇ ਪੈਂਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਸ.ਬੈਂਸ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।