ਡੇਰਾਬੱਸੀ, 20 ਫਰਵਰੀ 2024 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਦੇਣ ਦਾ ਵਾਅਦਾ ਬਾਕਾਇਦਾ ਨਿਭਾਇਆ ਜਾ ਰਿਹਾ ਹੈ, ਜਿਸ ਦੇ ਲਈ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇਸ ਸਕੀਮ ਅਧੀਨ ਲਾਏ ਜਾ ਰਹੇ ਕੈਂਪ ਲੋਕ ਸੇਵਾ ਦੀ ਅਦੁੱਤੀ ਮਿਸਾਲ ਹਨ।
ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਾਰਡ ਨੰ: 18 ਅਤੇ 19 ਜ਼ੀਰਕਪੁਰ, ਵਾਰਡ ਨੰ: 15 ਦੇਵੀ ਨਗਰ, ਡੇਰਾਬਸੀ, ਵਾਰਡ ਨੰ: 9 ਸ਼ਕਤੀ ਨਗਰ ਡੇਰਾਬਸੀ ਅਤੇ ਹੰਡੇਸਰਾ ਵਿਖੇ ਲਗਾਏ ਗਏ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਕੀਤਾ।
ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ। ਲੋਕਾਂ ਵੱਲੋਂ ਇਹ ਵੀ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਕਥਨ ਨੂੰ ਸੱਚ ਸਾਬਤ ਕਰ ਦਿੱਤਾ ਗਿਆ ਹੈ ਕਿ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਚੱਲੇਗੀ। ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਬੈਠੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਫ਼ਲਤਾ ਨਾਲ ਇਕ ਨਵੀਂ ਪਿਰਤ ਪਾਈ ਗਈ ਹੈ।
ਐਸ.ਡੀ.ਐਮ. ਡੇਰਾਬਸੀ ਸ਼੍ਰੀ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।