ਬਠਿੰਡਾ, 27 ਫ਼ਰਵਰੀ 2024:ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਹਲਕੇ ਤੋਂ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਸ਼ਹਿਰੀ ਹਲਕੇ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਹਰਿਆਣਾ ਪੁਲਿਸ ਦੀ ਗੋਲੀਬਾਰੀ ਵਿੱਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ, ਪਰ ਹੁਣ ਤੱਕ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਦੇ ਰਾਜ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਦੂਜੇ ਸੂਬੇ ਦੀ ਸਰਕਾਰ ਵੱਲੋਂ ਪੰਜਾਬ ਦੀ ਹੱਦ ਵਿੱਚ ਆਕੇ ਨੌਜਵਾਨਾਂ ਦੇ ਕਤਲ ਕਰ ਰਹੀ ਹੋਵੇ ਅਤੇ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਚੁੱਪ ਧਾਰੀ ਬੈਠੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕੁਰਸੀ ਤੇ ਬੈਠਣ ਦਾ ਕੋਈ ਅਧਿਕਾਰ ਨਹੀਂ ਹੈ ਉਸ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।ਹਰਸਿਮਰਤ ਕੌਰ ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਸਦਕਾ ਹੀ ਦੇਸ਼ ਵਿੱਚ ਅਨਾਜ ਭੰਡਾਰ ਹੁੰਦਾ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦਿਆਂ ਅਤੇ ਝੂਠੀਆਂ ਗਰੰਟੀਆਂ ਤੋਂ ਇਲਾਵਾ ਕੁਝ ਨਹੀਂ ਦਿੱਤਾ।
ਬੀਬਾ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੱਲੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਆਰਥਿਕ ਪੱਖੋਂ ਮਜ਼ਬੂਤ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ, ਪਰ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਨੂੰ ਗੰਧਲਾ ਪੰਜਾਬ ਬਣਾ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ਼ ਪੰਜਾਬੀਆਂ ਦੀ ਆਪਣੀ ਪਾਰਟੀ ਅਕਾਲੀ ਦਲ ਹੀ ਕਰ ਸਕਦਾ ਹੈ। ਅਕਾਲੀ ਦਲ ਦੀ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਮੁੱਹਈਆ ਕਰਵਾਉਣ ਲਈ ਪੰਜਾਬ ਵਿੱਚ ਬਹੁਮੰਤਵੀ ਕੰਪਨੀਆਂ ਦਾ ਨਿਵੇਸ਼ ਕਰਵਾਇਆ ਗਿਆ ਅਤੇ ਹੁਣ ਪੰਜਾਬ ਦੇ ਲੋਕਾਂ ਨੇ ਪੰਜਾਬ ਵਿੱਚ ਮੁੜ ਤੋਂ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ।
ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਦੇ ਨਾਲ ਹਾਜ਼ਰ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਕਾਂਗਰਸ ਨੇ ਵੀ ਆਮ ਆਦਮੀ ਪਾਰਟੀ ਨਾਲ ਗਠਜੋੜ ਕਰ ਲਿਆ ਹੈ, ਜਿਸ ਕਾਰਨ ਸਰਕਾਰ ਤੋਂ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਅਤੇ ਧੋਖੇ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਸਰਕਾਰ ਦੀ ਘਟੀਆ ਕਾਰਗੁਜਾਰੀ ਕਾਰਨ ਕਾਨੂੰਨ ਅਤੇ ਟਰੈਫਿਕ ਵਿਵਸਥਾ ਦਾ ਬੁਰਾ ਹਾਲ ਹੈ ਜਿਸ ਕਰਕੇ ਸ਼ਹਿਰ ਵਿੱਚ ਹਰ ਰੋਜ਼ ਹਾਦਸੇ ਵਾਪਰ ਰਹੇ ਹਨ।