ਪਟਿਆਲਾ, 29 ਫਰਵਰੀ:-ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਇੱਥੇ ਧਰਮਸ਼ਾਲਾ ਕਸ਼ਅਪ ਰਾਜਪੂਤ ਸਭਾ, ਬਡੂੰਗਰ ਵਿਖੇ ਲਗਾਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ।
ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਵਿਧਾਇਕ ਕੋਹਲੀ ਨੇ ਕੈਂਪ ਵਿੱਚ ਪੁੱਜੇ ਤੇ ਕੈਂਪ ਤੋਂ ਸੰਤੁਸ਼ਟ ਲੋਕਾਂ ਤੋਂ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇੱਕ ਮਹੀਨਾ ਚੱਲਣ ਵਾਲੇ ਇਨ੍ਹਾਂ ਕੈਂਪਾਂ ਵਿੱਚ ਲੋੜਵੰਦਾਂ ਨੇ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਪਹੁੰਚ ਕਰਨ ਲਈ ਇਹ ਕੈਂਪ ਲੋਕਾਂ ਨੂੰ ਬਹੁਤ ਫਾਇਦੇਮੰਦ ਸਾਬਤ ਹੋਏ ਹਨ ਤੇ ਇੱਥੇ ਤਤਕਾਲ ਹੀ ਲੋਕਾਂ ਦੇ ਕੰਮ ਹੋ ਰਹੇ ਹਨ।
ਅੱਜ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।