ਨਵੀਂ ਦਿੱਲੀ, 18 ਮਾਰਚ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਜਲ ਬੋਰਡ ਵਿਚ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਈ ਡੀ ਦੇ ਸੰਮਨ ਤੇ ਅੱਜ ਉਸ ਦੇ ਸਾਹਮਣੇ ਪੇਸ਼ ਨਹੀਂ ਹੋਏ। ਆਮ ਆਦਮੀ ਪਾਰਟੀ ਨੇ ਸੰਮਨ ਨੂੰ ਗੈਰ-ਕਾਨੂੰਨੀ ਦੱਸਿਆ ਅਤੇ ਕੇਂਦਰ ਦੀ ਭਾਜਪਾ ਸਰਕਾਰ ਤੇ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਣ ਲਈ ਈਡੀ ਦਾ ਇਸਤੇਮਾਲ ਕਰਨ ਦਾ ਦੋਸ਼ ਲਾਇਆ।
ਕੇਂਦਰੀ ਏਜੰਸੀ ਨੇ ਦਿੱਲੀ ਜਲ ਬੋਰਡ ਵਿੱਚ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਕੇਜਰੀਵਾਲ ਨੂੰ ਅੱਜ ਪੁੱਛਗਿੱਛ ਲਈ ਬੁਲਾਇਆ ਸੀ। ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਦਰਜ ਇਹ ਦੂਜਾ ਮਾਮਲਾ ਹੈ, ਜਿਸ ਵਿੱਚ ਕੇਜਰੀਵਾਲ ਨੂੰ ਸੰਮਨ ਭੇਜਿਆ ਗਿਆ ਹੈ। ਉਨ੍ਹਾਂ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਵੀ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਗਿਆ ਹੈ। ਕੇਜਰੀਵਾਲ ਇਸ ਮਾਮਲੇ ਵਿਚ ਹੁਣ ਤੱਕ 8 ਸੰਮਨਾਂ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਏਜੰਸੀ ਸਾਹਮਣੇ ਪੇਸ਼ ਨਹੀਂ ਹੋਏ ਹਨ। ਕੇਜਰੀਵਾਲ ਨੂੰ ਇਸ ਮਾਮਲੇ ਵਿਚ 9ਵਾਂ ਸੰਮਨ ਜਾਰੀ ਕਰ ਕੇ ਈਡੀ ਨੇ 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਹੈ।