ਹੁਸ਼ਿਆਰਪੁਰ, 26 ਮਾਰਚ 2024 – ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਸ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਇੱਕ ਨਸ਼ਾ ਤਸਕਰ ਦਾ ਐਨਕਾਊਂਟਰ ਕਰ ਦਿੱਤਾ। ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।ਇਹ ਘਟਨਾ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਮੇਵਾ ਮਿਆਣੀ ਦੀ ਹੈ। ਜਿੱਥੇ ਪੁਲਿਸ ਨੂੰ ਪਿੰਡ ਦੇ ਹੀ ਇੱਕ ਵਿਅਕਤੀ ਦੇ ਨਸ਼ੇ ਦਾ ਧੰਦਾ ਕਰਨ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਜਦੋਂ ਦਸੂਹਾ ਪੁਲਿਸ ਟੀਮ ਅਵਤਾਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਮੇਵਾ ਮਿਆਣੀ ਦੇ ਘਰ ਪਹੁੰਚੀ ਤਾਂ ਸੁੱਚਾ ਸਿੰਘ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ | ਜਿਸ ਵਿੱਚ ਏਐਸਆਈ ਸਤਨਾਮ ਸਿੰਘ ਅਤੇ ਇੱਕ ਹੋਰ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸ.ਪੀ.ਡੀ ਸਰਵਜੀਤ ਸਿੰਘ ਬਈਆ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁੱਚਾ ਸਿੰਘ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਉਸਦੇ ਖਿਲਾਫ ਪਹਿਲਾਂ ਵੀ 10 ਤੋਂ ਵੱਧ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ ਅਤੇ ਉਹ ਪਹਿਲਾਂ ਵੀ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ, ਜਦੋਂ ਉਸਦੇ ਮੌਕੇ ‘ਤੇ ਪੁਲਿਸ ਵੱਲੋਂ ਘਰ ‘ਤੇ ਛਾਪੇਮਾਰੀ ਕੀਤੀ ਗਈ ਤਾਂ ਸੁੱਚਾ ਸਿੰਘ ਅਤੇ ਉਸਦੇ ਪਰਿਵਾਰ ਨੇ ਪੁਲਿਸ ਪਾਰਟੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਇਸ ਦੌਰਾਨ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਪੁਲਿਸ ਪਾਰਟੀ ਨੂੰ ਜਾਨ ਬਚਾਉਣ ਲਈ ਫਾਇਰਿੰਗ ਕਰਨੀ ਪਈ, ਜਿਸ ਤੋਂ ਬਾਅਦ ਸੁੱਚਾ ਸਿੰਘ ਦੀ ਮੌਤ ਹੋ ਗਈ।