ਨਵੀਂ ਦਿੱਲੀ, 27 ਮਾਰਚ -ਈ ਡੀ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਕਾਨੂੰਨ ਦੀ ਉਲੰਘਣਾ ਦੇ ਮਾਮਲੇ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂ ਮਹੂਆ ਮੋਇਤਰਾ ਅਤੇ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ਪੁੱਛਗਿੱਛ ਲਈ 28 ਮਾਰਚ ਨੂੰ ਨਵਾਂ ਸੰਮਨ ਜਾਰੀ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿਤੀ।
ਤ੍ਰਿਣਮੂਲ ਆਗੂ ਨੂੰ ਪਹਿਲਾਂ ਕੇਂਦਰੀ ਏਜੰਸੀ ਨੇ ਪੁੱਛਗਿੱਛ ਲਈ ਬੁਲਾਇਆ ਸੀ। ਮੋਇਤਰਾ ਨੂੰ ਦਸੰਬਰ ਵਿਚ ਰਿਸ਼ਵਤ ਲੈ ਕੇ ਸਵਾਲ ਪੁੱਛਣ ਦੇ ਇਲਜ਼ਾਮ ਤਹਿਤ ਲੋਕ ਸਭਾ ਵਿਚੋਂ ਬਰਖ਼ਾਸਤ ਕਰ ਦਿਤਾ ਗਿਆ ਸੀ। ਉਨ੍ਹਾਂ ਦੀ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੱਛਮੀ ਬੰਗਾਲ ਦੀ ਕ੍ਰਿਸ਼ਨਾਨਗਰ ਸੀਟ ਤੋਂ ਉਨ੍ਹਾਂ ਨੂੰ ਦੁਬਾਰਾ ਉਮੀਦਵਾਰ ਐਲਾਨਿਆ ਹੈ।
ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਰਿਸ਼ਵਤ ਲੈ ਕੇ ਸਵਾਲ ਪੁੱਛਣ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਸੰਸਥਾ ਲੋਕਪਾਲ ਨੂੰ ਸ਼ਿਕਾਇਤ ਦਿਤੀ ਸੀ, ਜਿਸ ਦੀ ਜਾਂਚ ਦੇ ਨਿਰਦੇਸ਼ ਦਿਤੇ ਗਏ ਸਨ। ਨਿਰਦੇਸ਼ ਦਿਤੇ ਜਾਣ ਦੇ ਕੁੱਝ ਦਿਨਾਂ ਬਾਅਦ ਕੇਂਦਰੀ ਜਾਂਚ ਬਿਊਰੋ ਨੇ ਇਸ ਮਾਮਲੇ ਵਿੱਚ ਮੋਇਤਰਾ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ।
ਲੋਕ ਸਭਾ ਮੈਂਬਰ ਦੂਬੇ ਨੇ ਦੋਸ਼ ਲਾਇਆ ਸੀ ਕਿ ਮੋਇਤਰਾ ਨੇ ਉਦਯੋਗਪਤੀ ਗੌਤਮ ਅਡਾਨੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਣ ਲਈ ਦੁਬਈ ਦੇ ਕਾਰੋਬਾਰੀ ਹੀਰਾਨੰਦਾਨੀ ਤੋਂ ਨਕਦੀ ਅਤੇ ਤੋਹਫ਼ੇ ਲੈ ਕੇ ਸਦਨ ਵਿੱਚ ਸਵਾਲ ਪੁੱਛੇ ਸਨ। ਮੋਇਤਰਾ ਨੇ ਇਨ੍ਹਾਂ ਇਲਜ਼ਾਮਾਂਤੋਂ ਇਨਕਾਰ ਕਰਦਿਆਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਅਡਾਨੀ ਸਮੂਹ ਬਾਰੇ ਸਵਾਲ ਉਠਾਏ ਸਨ।