ਵਾਇਨਾਡ 3 ਅਪ੍ਰੈਲ 2024: ਰਾਹੁਲ ਗਾਂਧੀ ਨੇ ਵਾਇਨਾਡ ਵਿੱਚ ਲੋਕ ਸਭਾ ਚੋਣਾਂ 2024 ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਨਾਮਜ਼ਦਗੀ ਭਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਭੈਣ ਪ੍ਰਿਅੰਕਾ ਗਾਂਧੀ ਨਾਲ ਰੋਡ ਸ਼ੋਅ ਵੀ ਕੀਤਾ ਅਤੇ ਇਕੱਠ ਨੂੰ ਸੰਬੋਧਨ ਵੀ ਕੀਤਾ। ਰਾਹੁਲ ਗਾਂਧੀ ਦੇ ਰੋਡ ਸ਼ੋਅ ‘ਚ ਭਾਰੀ ਭੀੜ ਦੇਖਣ ਨੂੰ ਮਿਲੀ। ਸਾਹਮਣੇ ਆਈਆਂ ਤਸਵੀਰਾਂ ‘ਚ ਰਾਹੁਲ ਗਾਂਧੀ ਦਾ ਕਾਫਲਾ ਲੋਕਾਂ ਨਾਲ ਘਿਰਿਆ ਨਜ਼ਰ ਆ ਰਿਹਾ ਹੈ।
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਲਪੇਟਾ ਤੋਂ ਰੋਡ ਸ਼ੋਅ ਕੀਤਾ ਅਤੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਇਕੱਠੀ ਹੋਈ ਭੀੜ ਨੂੰ ਵੀ ਸੰਬੋਧਨ ਕੀਤਾ। ਰਾਹੁਲ ਦੀ ਭੈਣ ਪ੍ਰਿਅੰਕਾ ਗਾਂਧੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਦੀਪਾ ਦਾਸ ਸਮੇਤ ਕਈ ਕਾਂਗਰਸੀ ਨੇਤਾ ਰੋਡ ਸ਼ੋਅ ਵਿੱਚ ਸ਼ਾਮਲ ਹੋਏ।
ਭਾਰਤੀ ਜਨਤਾ ਪਾਰਟੀ ਨੇ ਕੇਰਲ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਕੇ ਸੁਰੇਂਦਰਨ ਨੂੰ ਵਾਇਨਾਡ ਤੋਂ ਮੌਜੂਦਾ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਖਿਲਾਫ ਮੈਦਾਨ ‘ਚ ਉਤਾਰਿਆ ਹੈ। ਜਦੋਂ ਕਿ ਖੱਬੇ ਜਮਹੂਰੀ ਫਰੰਟ (ਐਲਡੀਐਫ) ਨੇ ਵਾਇਨਾਡ ਤੋਂ ਭਾਰਤੀ ਕਮਿਊਨਿਸਟ ਪਾਰਟੀ ਦੀ ਸੀਨੀਅਰ ਆਗੂ ਐਨੀ ਰਾਜਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਰਾਹੁਲ ਗਾਂਧੀ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵਾਇਨਾਡ ਤੋਂ ਜਿੱਤੇ ਹਨ।