ਕਪੂਰਕਲਾ, 8 ਅਪ੍ਰੈਲ 2024- ‘ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ ਨੂੰ ਬੀਤੇ ਦਿਨ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਮਾਤਾ ਬਲਵਿੰਦਰ ਕੌਰ ਤੋਂ ਇਲਾਵਾ ਉਸ ਦੇ ਚਾਚੇ ਅਤੇ ਤਿੰਨ ਹੋਰ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।ਅੰਮ੍ਰਿਤਸਰ ਦੇ ਡੀਸੀਪੀ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਹ ਅਹਿਤਿਆਤ ਵਜੋਂ ਗ੍ਰਿਫ਼ਤਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਸੁਖਚੈਨ ਸਿੰਘ ਅਤੇ ਤਿੰਨ ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਦੀ ਮਾਂ ਨੂੰ ‘ਚੇਤਨਾ ਮਾਰਚ’ ਕੱਢਣ ਤੋਂ ਇਕ ਦਿਨ ਪਹਿਲਾਂ ਗ੍ਰਿਫਤਾਰ ਕੀਤਾ ਗਿਆ।
ਅੰਮ੍ਰਿਤਪਾਲ ਅਤੇ ਉਸਦੇ ਨੌਂ ਸਾਥੀਆਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਲਈ 8 ਅਪਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਬਠਿੰਡਾ ਤੋਂ ਮਾਰਚ ਕੱਢਿਆ ਜਾਣਾ ਸੀ। ਬਲਵਿੰਦਰ ਕੌਰ ਅਤੇ ਹੋਰ ਕੈਦੀਆਂ ਦੇ ਪਰਿਵਾਰਕ ਮੈਂਬਰ 22 ਫਰਵਰੀ ਤੋਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਭੁੱਖ ਹੜਤਾਲ ‘ਤੇ ਬੈਠੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਅੰਮ੍ਰਿਤਪਾਲ ਅਤੇ ਹੋਰ ਕੈਦੀਆਂ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ। ਹਲਾਂਕਿ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਜੇਲ੍ਹ ਵਿੱਚ 35 ਦਿਨਾਂ ਬਾਅਦ ਭੁੱਖ ਹੜਤਾਲ ਬੰਦ ਕੀਤੀ ਗਈ ਸੀ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਸਮੇਤ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਦੁਆਰਾ ਹਿਰਾਸਤ ਵਿਚ ਲੈਣ ਦੀ ਕਾਰਵਾਈ ‘ਤੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਬਿਨਾਂ ਵਜ੍ਹਾ ਤੋਂ ਮਾਹੌਲ ਵਿਚ ਤਲਖੀ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਥੇ ਹੀ ਦੂਜੇ ਪਾਸੇ, ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵਲੋਂ ਇਸ ਕਾਰਵਾਈ ਦੀ ਨਿੰਦਾ ਕੀਤੀ।