ਚੰਡੀਗੜ੍ਹ, 9 ਅਪ੍ਰੈਲ, 2024: ਆਮ ਆਦਮੀ ਪਾਰਟੀ (ਆਪ) ਦੇ ਆਗੂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਆਪ ਦਾ ਇਕ ਵਫਦ ਅੱਜ ਚੋਣ ਕਮਿਸ਼ਨ ਨੂੰ ਮਿਲਿਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਕੀਤੀ।
ਚੋਣ ਕਮਿਸ਼ਨ ਨਾਲ ਮੁਲਾਕਾਤ ਤੋਂ ਬਾਅਦ ਹਰਪਾਲ ਚੀਮਾ ਨੇ ਦੱਸਿਆ ਕਿ ਮਿਤੀ 6 ਅਪ੍ਰੈਲ 2024 ਨੂੰ ਪੰਜਾਬ ਬਚਾਓ ਯਾਤਰਾ ਦੇ ਰਾਏਕੋਟ ਪਹੁੰਚਣ ਸਮੇਂ ਸੁਖਬੀਰ ਸਿੰਘ ਬਾਦਲ ਨੇ ਬੱਚਿਆਂ ਕੋਲੋਂ ਅਕਾਲੀ ਦਲ ਦੇ ਹੱਕ ਵਿਚ ਨਾਅਰੇ ਲਗਵਾਏ ਅਤੇ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕਰਵਾਈ ਜੋ ਚੋਣ ਜ਼ਾਬਤੇ ਦੀ ਉਲੰਘਣਾ ਹੈ।
ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਕਿਉਂਕਿ ਉਹਨਾਂ ਨੂੰ ਕਾਨੂੰਨ ਦੀ ਉਲੰਘਣਾ ਦੀ ਆਦਤ ਪਈ ਹੋਈ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀਸੁਖਬੀਰ ਬਾਦਲ ਲੋਕਾਂ ਨੂੰ ਬਿਜਲੀ ਦੀਆਂ ਕੁੰਡੀਆਂ ਲਗਾਉਣ ਵਰਗੇ ਗੈਰ ਕਾਨੂੰਨੀ ਕੰਮ ਕਰਨ ਲਈ ਉਕਸਾਉਂਦੇ ਰਹਿੰਦੇ ਹਨ।