ਨਵੀਂ ਦਿੱਲੀ, 29 ਅਪ੍ਰੈਲ 2024 : ਈਡੀ ਨੇ ਸ਼ਰਾਬ ਨੀਤੀ ਮਾਮਲੇ ‘ਚ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। CM ਕੇਜਰੀਵਾਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਹੈ।
ਅਰਵਿੰਦ ਕੇਜਰੀਵਾਲ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਆਪਣੀ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ‘ਚ ਮਾਮਲੇ ਦੀ ਸੁਣਵਾਈ ਸ਼ੁਰੂ ਹੋ ਗਈ ਹੈ। ਕੇਜਰੀਵਾਲ ਦੀ ਤਰਫੋਂ ਅਭਿਸ਼ੇਕ ਮਨੂ ਸਿੰਘਵੀ ਅਤੇ ਈਡੀ ਦੀ ਤਰਫੋਂ ਏਐਸਜੀ ਐਸਵੀ ਰਾਜਮ ਦਲੀਲਾਂ ਪੇਸ਼ ਕਰ ਰਹੇ ਹਨ।
ਬੈਂਚ ਨੇ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੂੰ ਕਿਹਾ- ਦਰਅਸਲ ਤੁਸੀਂ ਗ੍ਰਿਫਤਾਰੀ ਅਤੇ ਰਿਮਾਂਡ ਦੇ ਖਿਲਾਫ ਹੋ। ਤੁਸੀਂ ਜ਼ਮਾਨਤ ਲਈ ਅਰਜ਼ੀ ਕਿਉਂ ਨਹੀਂ ਦਿੱਤੀ ? ਇਸ ‘ਤੇ ਸਿੰਘਵੀ ਨੇ ਕਿਹਾ ਕਿ ਗ੍ਰਿਫਤਾਰੀ ਗੈਰ-ਕਾਨੂੰਨੀ ਹੈ। ਇਸ ‘ਤੇ ਈਡੀ ਦੇ ਵਕੀਲ ਐਸਵੀ ਰਾਜੂ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੀ ਹਿਰਾਸਤ ਦਾ ਵੀ ਵਿਰੋਧ ਨਹੀਂ ਕੀਤਾ, ਤੁਹਾਨੂੰ ਨੋਟਿਸ ਭੇਜੇ ਗਏ ਸਨ, ਤੁਸੀਂ ਅਣਡਿੱਠ ਕਰ ਦਿੱਤਾ।
ਅਦਾਲਤ ‘ਚ ਸੁਣਵਾਈ ਕਰੀਬ 2.55 ਵਜੇ ਸ਼ੁਰੂ ਹੋਈ। ਇਸ ਤੋਂ ਬਾਅਦ ਸਿੰਘਵੀ ਨੇ ਕਰੀਬ ਇਕ ਘੰਟਾ ਲਗਾਤਾਰ ਆਪਣੇ ਵਿਚਾਰ ਪੇਸ਼ ਕੀਤੇ। ਅਦਾਲਤ ਨੇ ਪੁੱਛਿਆ ਕਿ ਤੁਹਾਨੂੰ ਆਪਣਾ ਬਿਆਨ ਪੂਰਾ ਕਰਨ ਲਈ ਹੋਰ ਕਿੰਨਾ ਸਮਾਂ ਚਾਹੀਦਾ ਹੈ ? ਅਸੀਂ ਇਸ ਦੀ ਸੁਣਵਾਈ 30 ਅਪ੍ਰੈਲ ਨੂੰ ਕਰਾਂਗੇ।
ਹਾਈਕੋਰਟ ਨੇ 9 ਅਪ੍ਰੈਲ ਨੂੰ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਸੀ। ਇਹ ਵੀ ਕਿਹਾ ਕਿ ਈਡੀ ਕੋਲ ਗ੍ਰਿਫਤਾਰੀ ਲਈ ਕਾਫੀ ਸਬੂਤ ਹਨ। ਇਸ ਤੋਂ ਬਾਅਦ 10 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਨੇ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। 15 ਅਪ੍ਰੈਲ ਨੂੰ ਸੁਣਵਾਈ ਕਰਦੇ ਹੋਏ ਅਦਾਲਤ ਨੇ 29 ਅਪ੍ਰੈਲ ਯਾਨੀ ਅੱਜ ਦੀ ਤਰੀਕ ਦਿੱਤੀ ਸੀ।