ਫਾਰੂਖ਼ਾਬਾਦ, 20 ਮਈ-ਫਰੂਖ਼ਾਬਾਦ ਸੰਸਦੀ ਹਲਕੇ ਵਿੱਚ ਪੈਂਦੇ ਏਟਾ ਜ਼ਿਲ੍ਹੇ ਦੇ ਪੋਲਿੰਗ ਬੂਥ ਤੇ 17 ਸਾਲਾ ਨਾਬਾਲਗ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਸੱਤ ਵਾਰ ਜਾਅਲੀ ਵੋਟਾਂ ਪਾਉਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਸਬੰਧਤ ਪੋਲਿੰਗ ਸਟੇਸ਼ਨ ਦੀ ਪੋਲਿੰਗ ਟੀਮ ਦੇ ਸਾਰੇ ਮੈਂਬਰਾਂ ਨੂੰ ਮੁਅੱਤਲ ਕਰਨ ਅਤੇ ਸਬੰਧਤ ਪੋਲਿੰਗ ਸਟੇਸ਼ਨ ਤੇ ਮੁੜ ਪੋਲਿੰਗ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਇਸ ਵੀਡੀਓ ਨੂੰ ਐਕਸ ਤੇ ਸਾਂਝਾ ਕੀਤਾ ਹੈ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਆਪਣਾ ਸਬੰਧਤ ਬਿਆਨ ਸਾਂਝਾ ਕੀਤਾ ਅਤੇ ਕਿਹਾ ਕਿ ਆਪਣੀ ਹਾਰ ਨੂੰ ਸਾਹਮਣੇ ਦੇਖ ਕੇ ਭਾਜਪਾ, ਲੋਕਾਂ ਦੇ ਫ਼ੈਸਲੇ ਨੂੰ ਮੰਨਣ ਤੋਂ ਇਨਕਾਰੀ ਹੈ ਤੇ ਸਰਕਾਰੀ ਤੰਤਰ ਤੇ ਦਬਾਅ ਪਾ ਕੇ ਲੋਕਤੰਤਰ ਨੂੰ ਲੁੱਟਣਾ ਚਾਹੁੰਦੀ ਹੈ।