ਗੁਹਾਟੀ, 3 ਜੂਨ – ਅਸਾਮ ਵਿੱਚ ਆਏ ਹੜ੍ਹਾਂ ਕਾਰਨ ਕੁੱਲ 14 ਲੋਕਾਂ ਦੀ ਮੌਤ ਹੋ ਗਈ ਹੈ। ਰਾਜ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੇ ਦਿਨ ਤਿੰਨ ਹੋਰ ਮੌਤਾਂ ਦਰਜ ਕੀਤੀਆਂ ਗਈਆਂ ਜਿਸ ਨਾਲ 28 ਮਈ ਤੋਂ ਹੁਣ ਤੱਕ ਮੌਤਾਂ ਦੀ ਗਿਣਤੀ 14 ਹੋ ਗਈ ਹੈ। ਜਾਣਕਾਰੀ ਅਨੁਸਾਰ 1 ਜੂਨ ਨੂੰ ਚੱਕਰਵਾਤੀ ਤੂਫਾਨ ਰੇਮਲ ਦੇ ਟਕਰਾਉਣ ਤੋਂ ਬਾਅਦ ਰਾਜ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਅੱਠ ਹੋ ਗਈ ਸੀ। ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਮੁਤਾਬਕ 2 ਜੂਨ ਨੂੰ ਦੋ ਜਣਿਆਂ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ। ਇਸ ਦੇ ਨਾਲ ਹੀ ਕੋਪਿਲੀ, ਬਰਾਕ ਅਤੇ ਕੁਸ਼ੀਆਰਾ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ।