ਨਵੀਂ ਦਿੱਲੀ, 10 ਜੂਨ – ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ ਰਾਹਤ ਦਿੰਦੇ ਹੋਏ ਰਾਉਸ ਐਵੇਨਿਊ ਸਥਿਤ ਪਾਰਟੀ ਦਫ਼ਤਰ ਨੂੰ ਖਾਲੀ ਕਰਨ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹੁਣ ਪਾਰਟੀ ਨੂੰ 10 ਅਗਸਤ ਤੱਕ ਪਾਰਟੀ ਦਫ਼ਤਰ ਖਾਲੀ ਕਰਨ ਦੇ ਹੁਕਮ ਦਿੱਤੇ ਹਨ।
ਇਸ ਤੋਂ ਪਹਿਲਾਂ 4 ਮਾਰਚ ਨੂੰ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ 15 ਜੂਨ ਤੱਕ ਦਫ਼ਤਰ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਸਮਾਂ ਸੀਮਾ ਖਤਮ ਹੋਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ ਸੀ।
ਹੁਣ ਆਪ ਦੀ ਪਟੀਸ਼ਨ ਤੇ ਸੁਣਵਾਈ ਕਰਦਿਆਂ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਛੁੱਟੀ ਵਾਲੇ ਬੈਂਚ ਨੇ ਆਮ ਆਦਮੀ ਪਾਰਟੀ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀਆਂ ਦਲੀਲਾਂ ਤੇ ਗੌਰ ਕਰਨ ਤੋਂ ਬਾਅਦ ਸਮਾਂ ਸੀਮਾ 10 ਅਗਸਤ ਤੱਕ ਵਧਾ ਦਿੱਤੀ ਹੈ। ਬੈਂਚ ਨੇ ਸਪੱਸ਼ਟ ਕੀਤਾ ਕਿ ਇਹ ਆਖਰੀ ਮੌਕਾ ਹੈ ਅਤੇ ਆਮ ਆਦਮੀ ਪਾਰਟੀ ਨੂੰ 10 ਅਗਸਤ ਨੂੰ ਜਾਂ ਇਸ ਤੋਂ ਪਹਿਲਾਂ 206, ਰੌਜ਼ ਐਵੇਨਿਊ ਸਥਿਤ ਇਮਾਰਤ ਤੋਂ ਆਪਣਾ ਕਬਜ਼ਾ ਛੱਡਣਾ ਹੋਵੇਗਾ।
ਜ਼ਿਕਰਯੋਗ ਹੈ ਕਿ ਰੌਜ਼ ਐਵੇਨਿਊ ਵਿੱਚ ਜਿੱਥੇ ਆਮ ਆਦਮੀ ਪਾਰਟੀ ਦਾ ਦਫ਼ਤਰ ਹੈ, ਉਹ ਜਗ੍ਹਾ ਦਿੱਲੀ ਹਾਈ ਕੋਰਟ ਕੰਪਲੈਕਸ ਨੂੰ ਅਲਾਟ ਕੀਤੀ ਗਈ ਹੈ ਅਤੇ ਇੱਥੇ ਜ਼ਿਲ੍ਹਾ ਅਦਾਲਤਾਂ ਲਈ ਬੁਨਿਆਦੀ ਢਾਂਚਾ ਵਿਕਸਤ ਕਰਨ ਦੀ ਤਜਵੀਜ਼ ਹੈ। ਸੁਪਰੀਮ ਕੋਰਟ ਨੇ ਆਪ ਨੂੰ ਲੈਂਡ ਡਿਵੈਲਪਮੈਂਟ ਵਿਭਾਗ ਵਿੱਚ ਸੰਪਰਕ ਕਰਕੇ ਉਨ੍ਹਾਂ ਦੇ ਦਫ਼ਤਰ ਲਈ ਜ਼ਮੀਨ ਅਲਾਟ ਕਰਨ ਦੀ ਮੰਗ ਕਰਨ ਦਾ ਨਿਰਦੇਸ਼ ਦਿੱਤਾ ਸੀ। ਅਦਾਲਤ ਨੇ ਲੈਂਡ ਡਿਵੈਲਪਮੈਂਟ ਵਿਭਾਗ ਨੂੰ ਚਾਰ ਹਫ਼ਤਿਆਂ ਦੇ ਅੰਦਰ ਆਮ ਆਦਮੀ ਪਾਰਟੀ ਦੀ ਅਪੀਲ ਤੇ ਜਵਾਬ ਦੇਣ ਦਾ ਹੁਕਮ ਦਿੱਤਾ ਸੀ।