ਨਵੀਂ ਦਿੱਲੀ, 25 ਜੂਨ 2024 – ਸੰਗਰੂਰ ਸੰਸਦੀ ਹਲਕੇ ਤੋਂ ਚੁਣੇ ਗਏ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੰਸਦ ਵਿੱਚ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਇਸ ਮੌਕੇ ਸੰਸਦ ਭਵਨ ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੀਤ ਹੇਅਰ ਦੇ ਮਾਤਾ-ਪਿਤਾ ਅਤੇ ਪਤਨੀ ਵੀ ਹਾਜ਼ਰ ਸਨ। ਮੀਤ ਹੇਅਰ ਨੇ ਪੰਜਾਬੀ ਮਾਂ ਬੋਲੀ ਵਿੱਚ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਮੀਤ ਹੇਅਰ ਨੇ ਦੇਸ਼ ਦੇ ਆਜ਼ਾਦੀ ਘੁਲਾਟੀਆ, ਕਿਸਾਨਾਂ ਅਤੇ ਜਵਾਨਾਂ ਨੂੰ ਸਿਜਦਾ ਕਰਦਿਆਂ ‘ਇਨਕਲਾਬ ਜ਼ਿੰਦਾਬਾਦ’, ਤੇ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਵੀ ਬੁਲੰਦ ਕੀਤਾ। 35 ਵਰ੍ਹਿਆਂ ਦੇ ਮੀਤ ਹੇਅਰ ਨੇ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਉਤੇ ਸੰਗਰੂਰ ਲੋਕ ਸਭਾ ਹਲਕਾ ਤੋਂ ਆਪਣੇ ਨੇੜਲੇ ਵਿਰੋਧੀ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 1,72,560 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤੇ ਸਨ। ਇਹ ਉਨ੍ਹਾਂ ਦੀ ਪਹਿਲੀ ਲੋਕ ਸਭਾ ਚੋਣ ਸੀ। ਇਸ ਤੋਂ ਪਹਿਲਾਂ ਉਹ 2017 ਤੇ 2022 ਵਿੱਚ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਦੋ ਵਾਰ ਵਿਧਾਇਕ ਚੁਣੇ ਗਏ ਸਨ। ਸਾਲ 2022 ਤੋਂ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਬਤੌਰ ਕੈਬਨਿਟ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ।