ਗੁਰਦਾਸਪੁਰ, 26 ਜੂਨ “ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ” ਮੌਕੇ ਅੱਜ ਸਥਾਨਕ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤੀ ਗਈ।
ਇਸ ਮੌਕੇ ਬੋਲਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਸ਼ਾ ਉਹ ਸਮਾਜਿਕ ਬੁਰਾਈ ਹੈ ਜਿਸਦੇ ਖ਼ਾਤਮੇ ਲਈ ਸਮਾਜ ਦੇ ਹਰ ਜ਼ਿੰਮੇਵਾਰ ਵਿਅਕਤੀ ਨੂੰ ਆਪਣਾ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਨਸ਼ਿਆਂ ਖ਼ਿਲਾਫ਼ ਇਸ ਜੰਗ ਨੂੰ ਜ਼ਰੂਰ ਜਿੱਤੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖ਼ਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਵੀ ਡੱਕਿਆ ਗਿਆ ਹੈ।
ਸ੍ਰੀ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਓਟ ਕੇਂਦਰਾਂ ਰਾਹੀਂ ਨਸ਼ੇ ਤੋਂ ਪੀੜਤ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਸਮੇਂ ਵਿੱਚ ਬਹੁਤ ਸਾਰੇ ਵਿਅਕਤੀ ਨਸ਼ੇ ਦੀ ਦਲ-ਦਲ ਵਿਚੋਂ ਨਿਕਲਣ ਵਿੱਚ ਕਾਮਯਾਬ ਹੋਏ ਹਨ। ਉਨ੍ਹਾਂ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ੇ ਛੱਡਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਛੱਡਣ ਵਾਲੇ ਨੌਜਵਾਨਾਂ ਦੇ ਪੁਨਰਵਾਸ ਲਈ ਵੀ ਹਰ ਤਰਾਂ ਨਾਲ ਮਦਦ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀ ਰੋਮੇਸ਼ ਮਹਾਜਨ ਚੇਅਰਮੈਨ ਸ੍ਰੀ ਰਮਨ ਬਹਿਲ ਦਾ ਸਵਾਗਤ ਕੀਤਾ ਅਤੇ ਨਸ਼ਾ ਛੁਡਾਊ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਦੱਸਿਆ। ਇਸ ਦੌਰਾਨ ਨਸ਼ਿਆਂ ਦਾ ਇਲਾਜ ਕਰਵਾ ਰਹੇ ਨੌਜਵਾਨਾਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਬਾਕੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦੀ ਪ੍ਰੇਰਨਾ ਦਿੱਤੀ।